–ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਚੋਣਾਂ ਦੀ ਤਿਆਰੀ ਦੀ ਸਮੀਖਿਆ ਕਰਕੇ ਸਮੂਹ ਨੋਡਲ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼
–ਕਿਹਾ, ਜ਼ਿਲ੍ਹੇ ’ਚ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਵਿਧਾਨ ਸਭਾ ਚੋਣਾਂ
–ਸ਼ਿਕਾਇਤ ਸੈਲ, ਐਮ.ਸੀ.ਐਮ.ਸੀ., ਐਮ.ਸੀ.ਸੀ., ਲਾਅ ਐਂਡ ਆਰਡਰ ਸਮੇਤ ਸਾਰੇ ਨੋਡਲ ਅਫ਼ਸਰਾਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼
–ਚੋਣ ਸਟਾਫ਼ ਦੇ ਕੋਵਿਡ ਬਚਾਅ ਸਬੰਧੀ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਤੇ ਚੋਣਾਂ ਦੌਰਾਨ ਹਰੇਕ ਬੂਥ ’ਤੇ ਕੋਵਿਡ-19 ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਕੀਤੀ ਹਦਾਇਤ
–ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਤੇ ਹੋਰ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 17 ਦਸੰਬਰ(ਬਿਊਰੋ) : ਆਗਾਮੀ ਵਿਧਾਨ ਸਭਾ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਅੱਜ ਚੋਣ ਡਿਊਟੀ ਵਿਚ ਲੱਗੇ ਸਾਰੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿਵਲ ਤੇ ਪੁਲਿਸ ਅਫ਼ਸਰਾਂ ਵਲੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਵਿਚ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਯਕੀਨੀ ਬਣਾ ਲੈਣ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਾਰੇ ਨੋਡਲ ਅਫ਼ਸਰ ਆਪਣੀ ਤਿਆਰੀਆਂ ਨੂੰ ਪੂਰਾ ਕਰ ਲੈਣ ਤਾਂ ਜੋ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕੰਮ ਕਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸ਼ਿਕਾਇਤ ਸੈਲ ਨੂੰ ਪੂਰਾ ਹਫ਼ਤਾ 24 ਘੰਟੇ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ 1950 ਹੈਲਪ ਲਾਈਨ ਤੋਂ ਇਲਾਵਾ ਵਟਸਅੱਪ ਨੰਬਰ ਵੀ ਜਲਦ ਜਾਰੀ ਕੀਤਾ ਜਾਵੇਗਾ ਤਾਂ ਜੋ ਲੋਕ ਚੋਣਾਂ ਸਬੰਧੀ ਵਟਸਅੱਪ ਐਪ ਰਾਹੀਂ ਵੀ ਸ਼ਿਕਾਇਤ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਸੀ-ਵਿਜ਼ਿਲ ਰਾਹੀਂ 100 ਮਿਨਟ ਵਿਚ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਵਟਸਅੱਪ ਤੇ ਫੋਨ ’ਤੇ ਸ਼ਿਕਾਇਤ ਮਿਲਣ ’ਤੇ ਵੀ 24 ਘੰਟੇ ਦੇ ਅੰਦਰ ਉਸ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਕੰਮ ਕਰਨ ਵਾਲੇ ਸਟਾਫ਼ ਦੀ ਕੋਵਿਡ-19 ਬਚਾਅ ਸਬੰਧੀ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਯਕੀਨੀ ਬਣਾਈਆਂ ਜਾਣ ਅਤੇ ਕੋਈ ਵੀ ਕਰਮਚਾਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਨੋਡਲ ਅਫ਼ਸਰਾਂ ਤੇ ਉਨ੍ਹਾਂ ਦੇ ਸਟਾਫ਼ ਦੀ ਤਿੰਨ ਪੜਾਅ ਵਿਚ ਟਰੇਨਿੰਗ ਕਰਵਾਈ ਜਾ ਰਹੀ ਹੈ, ਇਸ ਲਈ ਸਾਰੇ ਟਰੇਨਿੰਗ ਨੂੰ ਗੰਭੀਰਤਾ ਨਾਲ ਲੈਣ ਤਾਂ ਜੋ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਰਿਟਰਨਿੰਗ ਅਫ਼ਸਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ’ਤੇ ਉਹ ਯਕੀਨੀ ਬਣਾਉਣ ਕਿਸੇ ਵੀ ਸਰਕਾਰੀ ਪ੍ਰਾਪਰਟੀ ’ਤੇ ਉਮੀਦਵਾਰ ਜਾਂ ਰਾਜਨੀਤਿਕ ਦਲਾਂ ਦੇ ਪੋਸਟਰ ਨਾ ਲੱਗੇ ਹੋਣ, ਚਾਹੇ ਉਹ ਬਿਜਲੀ ਦੇ ਖੰਭੇ ਹੀ ਕਿਉਂ ਨਾ ਹੋਣ।
ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਮਿਤੀਆਂ ਦੀ ਘੋਸ਼ਣਾ ਦੇ ਤੁਰੰਤ ਬਾਅਦ ਜ਼ਿਲ੍ਹੇ ਵਿਚ ਆਦਰਸ਼ ਚੋਣ ਜਾਬਤਾ ਲਾਗੂ ਹੋ ਜਾਵੇਗਾ ਅਤੇ ਇਸ ਦੀ ਗੰਭੀਰਤਾ ਨਾਲ ਪਾਲਣਾ ਕਰਵਾਇਆ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਵੱਖ-ਵੱਖ ਨੋਡਲ ਅਫ਼ਸਰ ਨਿਯੁਕਤ ਕਰਕੇ ਉਸ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਚ ਭੇਜਣ ਦੀ ਹਦਾਇਤ ਕੀਤੀ। ਮੀਡੀਆ ਕਮਿਊਨੀਕੇਸ਼ਨ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ ਆਪਣਾ ਕੰਮ ਸੁਚਾਰੂ ਢੰਗ ਨਾਲ ਕਰਨਾ ਯਕੀਨੀ ਬਣਾਵੇ। ਉਨ੍ਹਾਂ ਜ਼ਿਲ੍ਹੇ ਵਿਚ ਸਵੀਪ ਗਤੀਵਿਧੀਆਂ ਵਿਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪਿਛਲੀਆਂ ਚੋਣਾਂ ਵਿਚ ਘੱਟ ਵੋਟਿੰਗ ਹੋਈ ਹੈ, ਉਥੇ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਭ ਤੋਂ ਵੱਧ ਮਹਿਲਾ ਵੋਟਰ ਇਨਰੋਲ ਹਨ, ਇਸ ਲਈ ਰਿਟਰਨਿੰਗ ਅਫ਼ਸਰ ਇਸ ਗੱਲ ’ਤੇ ਵਿਸ਼ੇਸ਼ ਧਿਆਨ ਦੇਣ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਵਿਚ ਮਹਿਲਾ ਵੋਟਿੰਗ ਪ੍ਰਤੀਸ਼ਤ ਵੀ ਵਧੇ। ਉਨ੍ਹਾਂ ਇਸ ਦੌਰਾਨ ਪੀ.ਡਬਲਯੂ.ਡੀ. ਵੋਟਰ ਜਾਂ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਵੋਟਿੰਗ ਵੀ ਯਕੀਨੀ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਹਰ ਬੂਥ ’ਤੇ ਕੋਵਿਡ-19 ਸਬੰਧੀ ਜਾਰੀ ਗਾਈਡਲਾਈਨਜ਼ ਦੀ ਯਕੀਨੀ ਪਾਲਣਾ ਕਰਵਾਉਣ ਸਬੰਧੀ ਵੀ ਸਿਹਤ ਵਿਭਾਗ ਨੂੰ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਨਜ਼ਾਇਜ਼ ਸ਼ਰਾਬ ਤੇ ਨਸ਼ੀਲੀ ਦਵਾਈਆਂ ਦੀ ਰੋਕਥਾਮ ਸਬੰਧੀ ਵੀ ਨੋਡਲ ਅਫ਼ਸਰਾਂ ਨੂੰ ਸਾਵਧਾਨੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸ.ਪੀ. ਅਸ਼ਵਨੀ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਨਵਨੀਤ ਕੌਰ ਬੱਲ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਅਰਵਿੰਦ ਕੁਮਾਰ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਤੋਂ ਇਲਾਵਾ ਸਾਰੇ ਨੋਡ ਲ ਅਫ਼ਸਰ ਮੌਜੂਦ ਸਨ।