–ਜ਼ਿਲ੍ਹਾ ਚੋਣ ਅਫ਼ਸਰ ਨੇ ਐਮ.ਸੀ.ਐਮ.ਸੀ. ਨੂੰ ਪੇਡ ਨਿਊਜ਼ ’ਤੇ ਪੈਨੀ ਨਜ਼ਰ ਰੱਖਣ ਦੀ ਕੀਤੀ ਹਦਾਇਤ
–ਕਿਹਾ,ਬਿਨ੍ਹਾਂ ਉਮੀਦਵਾਰ ਜਾਂ ਪਾਰਟੀ ਦੀ ਸਹਿਮਤੀ ਦੇ ਵਿਗਿਆਪਨ ਜਾਂ ਪ੍ਰਚਾਰ ਸਮੱਗਰੀ ਪ੍ਰਕਾਸ਼ਿਤ ਕਰਨ ’ਤੇ ਪਬਲੀਸ਼ਰ ਖਿਲਾਫ਼ ਹੋਵੇਗਾ ਮਾਮਲਾ ਦਰਜ
ਹੁਸ਼ਿਆਰਪੁਰ, 22 ਦਸੰਬਰ(ਬਿਊਰੋ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਚੇਅਰਪਰਸਨ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਕਮੇਟੀ ਅਪਨੀਤ ਰਿਆਤ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਪੇਡ ਨਿਊਜ਼ ਸਬੰਧੀ ਮਾਮਲਿਆਂ ’ਤੇ ਸਖਤੀ ਨਾਲ ਕਾਰਵਾਈ ਕਰੇਗੀ। ਇਸ ਸਬੰਧੀ ਜ਼ਿਲ੍ਹਾ ਹੈਡਕੁਆਟਰ ਵਿਚ ਐਮ.ਸੀ.ਐਮ.ਸੀ. ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਲੱਗਣ ਦੇ ਤੁਰੰਤ ਬਾਅਦ ਕਮੇਟੀ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਐਮ.ਸੀ.ਐਮ.ਸੀ. ਦੇ ਤੀਜੇ ਪੜਾਅ ਦੀ ਟਰੇਨਿੰਗ ਦੌਰਾਨ ਕਮੇਟੀ ਅਤੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਨੇ ਵੀ ਐਮ.ਸੀ.ਐਮ.ਸੀ. ਦੇ ਕੰਮਕਾਜ ਨੂੰ ਲੈ ਕੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਦੌਰਾਨ ਉਹ ਇਮਾਨਦਾਰੀ ਤੇ ਨਿਸ਼ਠਾ ਨਾਲ ਕੰਮ ਕਰਨ ਅਤੇ ਪੇਡ ਨਿਊਜ਼ ਦੇ ਮਾਮਲਿਆਂ ਵਿਚ ਤੁਰੰਤ ਨੋਟਿਸ ਲੈਂਦੇ ਹੋਏ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ ਕਾਰਵਾਈ ਅਮਲ ਵਿਚ ਲਿਆਉਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ ਇਨ੍ਹਾਂ ਚੋਣਾਂ ਵਿਚ ਕਮੇਟੀ ਮੈਂਬਰ ਅਤੇ ਸਟਾਫ਼ ਨੂੰ ਕਿਸੇ ਤਰ੍ਹਾਂ ਦਾ ਕੋਈ ਸ਼ੱਕ ਨਾ ਰਹੇ, ਇਸ ਲਈ ਤਿੰਨ ਪੜਾਅ ਵਿਚ ਟਰੇਨਿੰਗ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟ ਮੀਡੀਆ, ਇਲੈਕਟ੍ਰੋਨਿਕ ਮੀਡੀਆ ਤੇ ਸੋਸ਼ਲ ਮੀਡੀਆ ’ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਪੇਡ ਨਿਊਜ਼ ਜਾਂ ਬਿਨ੍ਹਾਂ ਮਨਜ਼ੂਰੀ ਵਿਗਿਆਪਨ ਟੈਲੀਕਾਸਟ ਹੋਣ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੀ ਸਹਿਮਤੀ ਤੋਂ ਬਿਨ੍ਹਾਂ ਕੋਈ ਵਿਗਿਆਪਨ ਜਾਂ ਪ੍ਰਚਾਰ ਸਮੱਗਰੀ ਪ੍ਰਕਾਸ਼ਤ ਕੀਤੀ ਜਾਂਦੀ ਹੈ ਤਾਂ ਪ੍ਰਕਾਸ਼ਿਤ ਕਰਨ ਵਾਲੇ ਪਬਲੀਸ਼ਰ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਉਮੀਦਵਾਰਾਂ ਵਲੋਂ ਇਲੈਕਟ੍ਰੋਨਿਕ ਮੀਡੀਆ ’ਤੇ ਵਿਗਿਆਪਨ ਟੈਲੀਕਾਸਟ ਕਰਵਾਉਣ ਲਈ ਪ੍ਰੀ-ਸਰਟੀਫਿਕੇਸ਼ਨ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵਿਗਿਆਪਨ ਟੈਲੀਕਾਸਟ ਹੋਣ ਨਾਲ 72 ਘੰਟੇ ਪਹਿਲਾਂ ਜਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਮਨਜ਼ੂਰੀ ਲਈ ਅਪਲਾਈ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਿੰਟ ਮੀਡੀਆ ਵਿਚ ਚੋਣਾਂ ਵਾਲੇ ਦਿਨ ਜਾਂ ਚੋਣ ਦੇ ਇਕ ਦਿਨ ਪਹਿਲਾਂ ਵਿਗਿਆਪਨ ਦੇਣ ਲਈ ਐਮ.ਸੀ.ਐਮ.ਸੀ. ਕਮੇਟੀ ਤੋਂ ਪ੍ਰੀ-ਸਰਟੀਫਿਕੇਸ਼ਨ ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਮੀਦਵਾਰ ਰਾਜਨੀਤਿਕ ਪਾਰਟੀ ਜਾਂ ਕੋਈ ਵੀ ਹੋਰ ਵਿਅਕਤੀ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਖਿਲਾਫ਼ ਵਿਗਿਆਪਨ ਨਹੀਂ ਦੇ ਸਕਦਾ। ਉਨ੍ਹਾਂ ਦੱਸਿਆ ਕਿ ਉਮੀਦਵਾਰ ਵਲੋਂ ਬਲਕ ਐਸ.ਐਮ.ਐਸ. ਵਟਸਅੱਪ ਮੈਸੇਜ ਤੋਂ ਇਲਾਵਾ ਰੇਡੀਓ ਤੇ ਸਿਨੇਮਾ ਹਾਲ ਆਦਿ ਵਿਚ ਵਿਗਿਆਪਨ ਲਈ ਵੀ ਪ੍ਰੀ-ਸਰਟੀਫਿਕੇਸ਼ਨ ਲੈਣਾ ਜ਼ਰੂਰੀ ਹੈ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਨਵਨੀਤ ਕੌਰ ਬੱਲ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਅਰਵਿੰਦ ਕੁਮਾਰ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਤੋਂ ਇਲਾਵਾ ਹੋਰ ਅਫ਼ਸਰ ਵੀ ਮੌਜੂਦ ਸਨ।