–ਵਧੀਕ ਡਿਪਟੀ ਕਮਿਸ਼ਨਰ ਨੇ ਆਬਾਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਸ਼ਰਾਬ ਦੀ ਤਸਕਰੀ ਰੋਕਣ ਸਬੰਧੀ ਦਿੱਤੇ ਨਿਰਦੇਸ਼
ਕਿਹਾ, ਇੰਟਰ ਸਟੇਟ ਨਾਕਿਆਂ ਤੇ ਠੇਕਿਆਂ ’ਤੇ ਰੱਖੀ ਜਾਵੇਗੀ ਖਾਸ ਨਿਗਰਾਨੀ
ਹੁਸ਼ਿਆਰਪੁਰ, 16 ਦਸੰਬਰ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨਜਾਇਜ਼ ਸ਼ਰਾਬ ਦੇ ਖਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇ ਅਤੇ ਇਹ ਕਾਰੋਬਾਰ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਾ ਜਾਵੇ। ਉਹ ਅੱਜ ਵਿਧਾਨ ਸਭਾ ਚੋਣਾਂ-2022 ਸਬੰਧੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਆਬਾਕਾਰੀ ਵਿਭਾਗ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੋਣਾਂ ਪਾਰਦਰਸ਼ੀ ਤੇ ਸ਼ਾਂਤੀਪੂਰਵਕ ਕਰਵਾਉਣ ਲਈ ਸ਼ਰਾਬ ਦਾ ਨਜਾਇਜ਼ ਪ੍ਰਯੋਗ ਕਰਨ ਵਾਲਿਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਸਹਾਇਕ ਕਮਿਸ਼ਨਰ ਆਬਕਾਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਟੀਮਾਂ ਨਾਲ ਇੰਟਰ ਸਟੇਟ ਨਾਕੇ ਲਗਾ ਕੇ ਚੈਕਿੰਗ ਵਧਾਉਣ ਅਤੇ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਠੇਕਿਆਂ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖਣ ਤਾਂ ਜੋ ਦੂਜੇ ਸੂਬਿਆਂ ਤੋਂ ਵੀ ਸ਼ਰਾਬ ਦੀ ਤਸਕਰੀ ਨਾ ਹੋ ਸਕੇ।
ਸੰਦੀਪ ਸਿੰਘ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਬਣਾ ਕੇ ਪੂਰੇ ਜ਼ਿਲ੍ਹੇ ਵਿਚ ਜੰਗੀ ਪੱਧਰ ’ਤੇ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ 7 ਵਿਧਾਨ ਹਲਕਿਆਂ ਵਿਚ ਆਬਕਾਰੀ ਵਿਭਾਗ ਵਲੋਂ ਵੀ ਸ਼ਰਾਬ ਦੀ ਮੂਵਮੈਂਟ ਨੂੰ ਚੈਕ ਕਰਨ ਲਈ ਸਪੈਸ਼ਲ ਟੀਮਾਂ ਗਠਤ ਕੀਤੀਆਂ ਜਾਣ ਜੋ ਕਿ 24 ਘੰਟੇ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਬਲਕ ਵਿਚ ਸੇਲ ਰੋਕਣ ਲਈ ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਵੀ ਰੱਖੀ ਜਾ ਰਹੀ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਅਵਤਾਰ ਸਿੰਘ ਕੰਗ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਤੋਂ ਇਲਾਵਾ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।