ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹੇ ’ਚ 568 ਪਿੰਡਾਂ ਦੀ ਹੋ ਚੁੱਕੀ ਹੈ ਪਹਿਚਾਣ
ਹੁਸ਼ਿਆਰਪੁਰ, 25 ਨਵੰਬਰ(ਬਿਊਰੋ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਤੇ ਬੇਘਰ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਯੋਜਨਾ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 512 ਬਿਨੈ ਪੱਤਰਾਂ ਨੂੰ ਐਸ.ਡੀ.ਐਮ. ਲੈਵਲ ਕਮੇਟੀ ਵਲੋਂ ਮਨਜ਼ੂਰ ਕੀਤਾ ਜਾ ਚੁੱਕਾ ਹੈ।
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ 568 ਪਿੰਡਾਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਦੀ ਪੰਚਾਇਤਾਂ ਕੋਲ ਇਸ ਉਦੇਸ਼ ਲਈ ਜ਼ਮੀਨ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ 512 ਬਿਨੈ ਪੱਤਰ ਮਨਜ਼ੂਰ ਕਰ ਲਏ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕ ਹਿਤੈਸ਼ੀ ਯੋਜਨਾ ਨੂੰ ਬੇਹਤਰੀਨ ਕਦਮ ਦੱਸਦੇ ਹੋਏ ਕਿਹਾ ਕਿ ਇਹ ਯੋਜਨਾ ਬੇਜ਼ਮੀਨੇ ਤੇ ਬੇਘਰੇ ਲੋਕਾਂ ਲਈ ਬਹੁਤ ਸਹਾਇਕ ਸਾਬਤ ਹੋਵੇਗੀ, ਜਿਸ ਨਾਲ ਉਨ੍ਹਾਂ ਦਾ ਆਪਣੇ ਘਰ ਦਾ ਸੁਪਨਾ ਸਾਕਾਰ ਹੋਣ ਵਿਚ ਮਦਦ ਮਿਲੇਗੀ।
ਅਪਨੀਤ ਰਿਆਤ ਨੇ ਦੱਸਿਆ ਕਿ ਜ਼ਰੂਰਤਮੰਦ ਤੇ ਯੋਗ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਦੁਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀ ਨੂੰ ਇਸ ਯੋਜਨਾ ਦਾ ਲਾਭ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਾ ਛੱਡੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।