ਸ਼਼੍ਰੋਮਣੀ ਕਮੇਟੀ ਮੈਂਬਰ ਜੱਸਲ ਨੇ ਜ: ਧਾਮੀ ਨਾਲ ਮੁਲਾਕਾਤ ਕਰਕੇ ਦਿੱਤੀ ਮੁਬਾਰਕਬਾਦ
ਜ: ਧਾਮੀ ਦਿਆਨਤਦਾਰ ਆਗੂ ਤੇ ਕੁਸ਼ਲ ਪ੍ਰਬੰਧਕ
ਬਟਾਲਾ, 3 ਦਸੰਬਰ (ਅਵਿਨਾਸ਼) : ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਸਹਿਬਾਨ ਦੀ ਹੋਈ ਸਲਾਨਾ ਚੋਣ ਵਿਚ ਐਡਵੋਕੇਟ ਜ: ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ, ਸ: ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਸ: ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਜ: ਕਰਨੈਲ ਸਿੰਘ ਪੰਜੋਲੀ ਨੂੰ ਜਨਰਲ ਸਕੱਤਰ ਬਣਾਏ ਜਾਣ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ: ਗੁਰਨਾਮ ਸਿੰਘ ਜੱਸਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਜ: ਧਾਮੀ ਨਾਲ ਮੁਲਾਕਾਤ ਕਰਕੇ ਸਨਮਾਨਿਤ ਕੀਤਾ ਤੇ ਮੁਬਾਰਕਵਾਦ ਦਿੱਤੀ।
ਸ਼਼੍ਰੋਮਣੀ ਕਮੇਟੀ ਮੈਂਬਰ ਜ: ਜੱਸਲ ਨੇ ਜ:ਧਾਮੀ ਨੂੰ ਪ੍ਰਧਾਨ ਬਣਾਏ ਜਾਣ ਤੇ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਮਾਨਦਾਰ, ਪੰਥਪ੍ਰਸਤ, ਗੁਰਮੁਖ ਗਰਮ ਤੇ ਨਰਮ ਧਿਰਾਂ ਵਿਚ ਬਰਾਬਰ ਪ੍ਰਭਾਵ ਰਖਣ ਵਾਲੇ ਵਿਦਵਾਨ, ਪ੍ਰਬੰਧਕੀ ਗੁਣਾਂ ਤੇ ਯੋਗਤਾ ਵਾਲੀ ਪ੍ਰਭਾਵਸ਼ਾਲੀ ਸ਼ਖਸ਼ੀਅਤ ਨੂੰ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਬਖਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਜ: ਧਾਮੀਂ ਦੀ ਸਿਖ ਪੰਥ ਨੂੰ ਬਹੁਤ ਵੱਡੀ ਦੇਣ ਹੈ ਜਿਨ੍ਹਾਂ ਨੇ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸ ਨਿਸ਼ਕਾਮ ਲੜੇ ਹਨ ਤੇ ਜ: ਧਾਮੀ ਸਿੱਖ ਸਰੋਕਾਰਾਂ ਤੇ ਚੰਗੀ ਪਕੜ ਰਖਦੇ ਅਤੇ ਦਿਆਨਤਦਾਰ ਆਗੂ ਤੇ ਕੁਸ਼ਲ ਪ੍ਰਬੰਧਕ ਵਜੋਂ ਜਾਣੇ ਜਾਂਦੇ ਹਨ।
ਜ: ਜੱਸਲ ਨੇ ਆਸ ਪ੍ਰਗਟਾਈ ਕਿ ਜ: ਧਾਮੀ ਪ੍ਰਬੰਧਕੀ ਤਜਰਬੇ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਮਰਿਆਦਾ ਨੂੰ ਕਾਇਮ ਰੱਖਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦਿਸ਼ਾ ਤੇ ਦਸ਼ਾ ਨੂੰ ਹੋਰ ਉਪਰ ਚੁੱਕਣ, ਵਖ ਵਖ ਪੰਥਕ ਜਥੇਬੰਦੀਆਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਕਰਨ ਤੇ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਵਡਮੁੱਲਾ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਸੇਵਾ ਕਰ ਰਹੇ ਮੁਲਜ਼ਮਾਂ ਜਿਨ੍ਹਾਂ ਨੇ ਕਰੋਨਾ ਕਾਲ ਵਿੱਚ ਵਡਮੁੱਲਾ ਯੋਗਦਾਨ ਪਾਇਆ ਨੂੰ ਵੀ ਜ: ਧਾਮੀ ਤੋਂ ਬਹੁਤ ਵੱਡੀਆਂ ਆਸਾਂ ਤੇ ਉਮੀਦਾਂ ਹਨ ਜਿਨ੍ਹਾਂ ਨੂੰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਹਰਜਿੰਦਰ ਸਿੰਘ ਧਾਮੀ ਪਹਿਲ ਦੇ ਆਧਾਰ ਤੇ ਹੱਲ ਕਰਨਗੇ।