ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਸਵੈ-ਰੋਜਗਾਰ ਸਬੰਧੀ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ : ਪ੍ਰਿੰਸੀਪਲ ਅਰੋੜਾ
ਬਟਾਲਾ, 22 ਨਵੰਬਰ ( ਅਵਿਨਾਸ਼ ਸ਼ਰਮਾ. ਸੁਨੀਲ ਚੰਗਾ ) – ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਅਗਵਾਈ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵੱਲੋਂ ਖਾਦੀ ਅਤੇ ਗ੍ਰਾਮੋਉਦਯੋਗ ਆਯੋਗ ਨਾਲ ਤਾਲਮੇਲ ਕਰਦਿਆਂ ਵਿਖੇ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਅਰੋੜਾ ਨੇ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਨਾਲੋਂ ਨੌਕਰੀ ਦੇਣ ਵਾਲਾ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਆਪਣਾ ਡਿਪਲੋਮਾ ਪੂਰਾ ਕਰਨ ਵਾਲੇ ਜਿਆਦਾਤਰ ਵਿਦਿਆਰਥੀ ਨੌਕਰੀ ਕਰਨਾ ਚਾਹੁੰਦੇ ਹਨ ਪਰ ਫੇਰ ਵੀ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੇ ਵਿਕਲਪ ਬਾਰੇ ਜ਼ਰੂਰ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਸਵੈ-ਰੋਜਗਾਰ ਸਬੰਧੀ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।
ਪਲੇਸਮੈਂਟ ਅਫ਼ਸਰ ਜਸਬੀਰ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਵੈ-ਰੋਜ਼ਗਾਰ ਨਾਲ ਵਿਦਿਆਰਥੀ ਆਪਣੇ ਨਾਲ ਹੋਰਾਂ ਲਈ ਵੀ ਰੋਜ਼ਗਾਰ ਦੇ ਵਿਕਲਪ ਪੈਦਾ ਕਰ ਸਕਦੇ ਹਨ। ਵਿਦਿਆਰਥੀਆਂ ਵਿੱਚ ਉੱਦਮਤਾ ਦੇ ਹੁਨਰ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਸਮਾਂ ਰਹਿੰਦਿਆਂ ਹੀ ਆਪਣੇ ਵਿੱਚ ਉਹ ਸਾਰੇ ਬਦਲਾਅ ਲਿਆਉਣੇ ਚਾਹੀਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਉਜਵਲ ਬਣ ਸਕੇ।
ਖਾਦੀ ਅਤੇ ਗ੍ਰਾਮੋਦਯੋਗ ਆਯੋਗ ਤੋਂ ਆਏ ਮਾਹਰ ਸੰਦੀਪ ਕੁਮਾਰ ਅਤੇ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਵੱਲ ਜਾਣ ਲਈ ਉਦਾਹਰਨਾਂ ਦੇ ਕੇ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਅਤੇ ਸਰਕਾਰ ਵੱਲੋਂ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਅਰੋੜਾ ਨੇ ਕਾਲਜ ਦੇ ਪਲੇਸਮੈਂਟ ਸੈੱਲ ਅਤੇ ਵਿਦਿਆਰਥੀਆਂ ਵੱਲੋਂ ਆਏ ਹੋਏ ਨੁਮਾਇੰਦਿਆਂ ਦਾ ਇਸ ਕੈਂਪ ਦੇ ਆਯੋਜਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਵਿਦਿਆਰਥੀ ਪ੍ਰੋਗਰਾਮ ਦੌਰਾਨ ਮਿਲੀ ਜਾਣਕਾਰੀ ਦਾ ਪੂਰਾ ਲਾਭ ਲੈਣਗੇ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਤੋਂ ਇਲਾਵਾ ਈ.ਸੀ.ਈ ਵਿਭਾਗ ਦੇ ਮੁਖੀ ਸ੍ਰੀ ਐਸ. ਐਸ. ਸੰਧੂ ਅਤੇ ਪਲੇਸਮੈਂਟ ਸੈੱਲ ਦੇ ਮੈਂਬਰ ਪ੍ਰਭਾਤ ਜੋਸ਼ੀ ਅਤੇ ਰਜਿੰਦਰ ਕੁਮਾਰ ਵੀ ਹਾਜ਼ਰ ਸਨ।