ਗੁਰਦਾਸਪੁਰ, 10 ਨਵੰਬਰ ( ਅਸ਼ਵਨੀ ) ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸੂਬੇ ਭਰ ਵਿੱਚ ਲੋਕਾਂ ਨੂੰ ਰੇਤ ਅਤੇ ਗਰੈਵਲ ਘੱਟ ਤੋਂ ਘੱਟ ਵਾਜਬ ਰੇਟਾਂ ‘ਤੇ ਮੁਹੱਈਆ ਕਰਵਾਉਣ ਲਈ ਇੱਕ ਇਤਿਹਾਸਕ ਲੈਂਦਿਆਂ, ਮੰਤਰੀ ਮੰਡਲ ਨੇ ਸੂਬੇ ਭਰ ਵਿੱਚ ਰੇਤ ਅਤੇ ਗਰੈਵਲ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ‘ਤੇ ਮੁਹੱਈਆ ਕਰਵਾਉਣ ਲਈ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ।।
ਸ. ਰੰਧਾਵਾ ਨੇ ਦੱਸਿਆ ਕਿ ਨਵੀਂ ਮਾਈਨਿੰਗ ਪਾਲਿਸੀ ਅਨੁਸਾਰ ਆਮ ਪਬਲਿਕ ਨੂੰ ਰੇਤ ਅਤੇ ਗਰੈਵਲ ਮਾਈਨਿੰਗ ਸਾਈਟਾਂ ਉਤੇ 5.50 ਰੁਪਏ ਪ੍ਰਤੀ ਕਿਊਬਕ ਫੁੱਟ ‘ਤੇ ਉਪਲੱਬਧ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਲੋਡਿੰਗ ਦਾ ਖਰਚਾ ਸਾਮਲ ਹੈ। ਇਸ ਤੋਂ ਇਲਾਵਾ ਜਨਤਕ ਹਿੱਤ ਵਿੱਚ ਆਰਡੀਨਰੀ ਕਲੇਅ ਅਤੇ ਆਰਡੀਨਰੀ ਮਿੱਟੀ ਲਈ ਰਾਇਲਟੀ ਦਾ ਰੇਟ 10 ਰੁਪਏ ਪ੍ਰਤੀ ਟਨ ਤੋਂ ਘੱਟ ਕਰਕੇ 2.50 ਰੁਪਏ ਪ੍ਰਤੀ ਟਨ ਕਰ ਦਿੱਤਾ ਜਾਵੇਗਾ।
ਉਨਾਂ ਦੱਸਿਆ ਕਿ ਇਸ ਨਵੀਂ ਪਾਲਿਸੀ ਅਨੁਸਾਰ ਜ਼ਮੀਨ ਦੇ ਮਾਲਕ ਜਾਂ ਜਿਸ ਦੇ ਕਬਜੇ ਵਿੱਚ ਜ਼ਮੀਨ ਹੈ, ਆਪਣੇ ਵਾਹੀਯੋਗ ਖੇਤਾਂ ਨੂੰ ਪੱਧਰਾ ਕਰਨ ਲਈ 3 ਫੁੱਟ ਤੱਕ ਖੁਦਾਈ ਜਾਂ ਹਟਾਈ ਗਈ ਮਿੱਟੀ ਨੂੰ ਨਿਪਟਾ ਸਕਦਾ ਹੈ। ਜ਼ਮੀਨ ਦੇ ਮਾਲਕ /ਪੰਚਾਇਤ ਵੱਲੋਂ ਆਪਣੀ ਜਮੀਨ ਨੂੰ ਲੇਵਲ ਕਰਨ ਦੀ ਜ਼ਰੂਰਤ ਅਤੇ ਹੋਰ ਧਾਰਮਿਕ ਅਤੇ ਵਿਕਾਸ ਗਤੀਵਿਧੀਆਂ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਮਾਈਨਰ ਮਿਨਰਲ ਦੀ ਖੁਦਾਈ ਕਰਨ ਦੀ ਆਗਿਆ ਹੈ। ਇਹਨਾਂ ਗਤੀਵਿਧੀਆਂ ਲਈ ਕੋਈ ਕਿਰਾਇਆ, ਰਾਇਲਟੀ ਜਾਂ ਪਰਮਿਟ ਫੀਸ ਅਤੇ ਕਿਸ ਪਰਮਿੰਟ ਦੀ ਜਰੂਰਤ ਨਹੀਂ ਹੈ। ਇਹਨਾਂ ਗਤੀਵਿਧੀਆਂ ਵਿੱਚ ਕਰਮਚਾਰੀਆਂ ਅਤੇ ਠੇਕੇਦਾਰਾਂ ਵਲੋਂ ਬਿਨਾ ਕਿਸੇ ਉਚਿਤ ਕਾਰਨ ਦੇ ਰੁਕਾਵਟ ਨਹੀਂ ਪਾਈ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਜਾਂ ਠੇਕੇਦਾਰ ਨੂੰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਅਨੁਸਾਸਨੀ ਕਾਰਵਾਈ ਆਰੰਭੀ ਜਾਵੇਗੀ।