ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ
ਡੇਰਾ ਬਾਬਾ ਨਾਨਕ, 19 ਨਵੰਬਰ(ਆਸਕ ਰਾਜ ਮਾਹਲਾ)
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ, ਪਾਕਿਸਤਾਨ ਲਈ ਰਵਾਨਾ ਹੋਇਆ, ਜਿਸ ਦਾ ਉੱਥੇ ਪੁੱਜਣ ਉੱਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਸ. ਅਮੀਰ ਸਿੰਘ, ਸਾਬਕਾ ਪ੍ਰਧਾਨ ਸ. ਸਤਵੰਤ ਸਿੰਘ, ਸਾਬਕਾ ਪ੍ਰਧਾਨ ਸ. ਤਾਰੂ ਸਿੰਘ ਐੱਮ.ਐੱਨ.ਏ ਸ. ਰਮੇਸ਼ ਸਿੰਘ ਅਰੋੜਾ ਹੋਰਾਂ ਨੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜ ਕੇ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਸਿੱਖ ਜਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸੇ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸਜੇ ਸਮਾਗਮ ਵਿੱਚ ਬੀਬੀ ਜਗੀਰ ਕੌਰ ਕਰਦਿਆਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਉੱਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰੋਜਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜੇ ਜਾਣਗੇ। ਇਸ ਤੋਂ ਇਲਾਵਾ ਮੰਗ ਅਤੇ ਲੋੜ ਅਨੁਸਾਰ ਰਸਦਾਂ ਅਤੇ ਹੋਰ ਲੋੜੀਂਦਾ ਸਮਾਨ ਵੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਰ ਪੱਧਰ ਉੱਤੇ ਸਹਿਯੋਗ ਕਰੇਗੀ ਅਤੇ ਉਹ ਸਮੇਂ-ਸਮੇਂ ਖੁਦ ਵੀ ਇੱਥੇ ਆਉਂਦੇ ਰਹਿਣਗੇ।
ਬੀਬੀ ਜਗੀਰ ਕੌਰ ਸ੍ਰੀ ਕਰਤਾਰਪੁਰ ਸਾਹਿਬ ਦੀ ਰਵਾਨਗੀ ਤੋਂ ਪਹਿਲਾਂ ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਸਥਿਤ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇੱਥੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਸ. ਰਵੀਕਰਨ ਸਿੰਘ ਕਾਹਲੋਂ, ਗੁਰਦੁਆਰਾ ਯਾਦਗਾਰ ਸ਼ਹੀਦਾਂ, ਅਗਵਾਨ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਗਵਾਨ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਵਾਗਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤ ਦੀ ਆਸਥਾ ਦਾ ਪੁਲ ਹੈ ਅਤੇ ਹਰ ਸਿੱਖ ਦੇ ਮਨ ਦੀ ਭਾਵਨਾ ਹੈ ਕਿ ਉਹ ਗੁਰੂ ਸਾਹਿਬ ਦੇ ਪਵਿੱਤਰ ਅਸਥਾਨ ਉੱਤੇ ਨਤਮਸਤਕ ਹੋਵੇ। ਉਨ੍ਹਾਂ ਕਿਹਾ ਕਿ ਮੈਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਜੋ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਭਵ ਹੋਇਆ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪੰਜਾਬ ਦੀ ਸਰਕਾਰ ਉੱਤੇ ਗਿਲਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਦੇ ਸਬੰਧਤ ਅਧਿਕਾਰੀਆਂ ਦੇ ਕਹਿਣ ਅਨੁਸਾਰ 101 ਜਥਾ ਮੈਂਬਰਾਂ ਦੀ ਪ੍ਰਵਾਨਗੀ ਮੰਗੀ ਸੀ ਪਰ ਦੁਖ ਦੀ ਗੱਲ ਹੈ ਕਿ ਕੇਵਲ 20 ਨੂੰ ਹੀ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਵਿੱਚ ਇਨ੍ਹਾਂ 20 ਮੈਂਬਰਾਂ ਬਾਰੇ ਵੀ ਅੱਜ ਸਵੇਰੇ ਹੀ ਸਪਸ਼ਟ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿ ਜੇਕਰ ਸਿੱਖ ਸੰਸਥਾ ਨਾਲ ਅਜਿਹਾ ਵਿਹਾਰ ਕੀਤਾ ਗਿਆ ਹੈ ਤਾਂ ਆਮ ਸੰਗਤਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਭਾਰਤ ਅੰਦਰ ਇਤਿਹਾਸਕ ਗੁਰਧਾਮਾਂ ਦਾ ਪ੍ਰਬੰਧ ਪੰਥਕ ਭਾਵਨਾ ਨਾਲ ਕਰਦੀ ਹੈ ਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਲਈ ਸਿੱਖ ਸੰਸਥਾ ਨੂੰ ਨਜ਼ਰਅੰਦਾਜ ਕਰਨਾ ਪੀੜਾ ਦੇਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਮੁਕੱਦਸ ਅਸਥਾਨ ਦੀ ਯਾਤਰਾ ਨੂੰ ਲੈ ਕੇ ਕਿਸੇ ਵੀ ਧਿਰ ਨਾਲ ਰਾਜਨੀਤੀ ਨਹੀਂ ਕਰਨੀ ਚਾਹੀਦੀ ਤਾਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਲਈ ਗਏ ਜਥੇ ਵੱਲੋਂ ਲੰਗਰ ਲਈ ਰਸਦਾਂ ਭੇਟ ਕੀਤੀਆਂ ਗਈਆਂ। ਜਥੇ ਵੱਲੋਂ ਗੁਟਕਾ ਸਾਹਿਬ, ਰੁਮਾਲਿਆਂ ਦੇ ਸੈੱਟ, ਸ੍ਰੀ ਦਰਬਾਰ ਸਾਹਿਬ ਦੇ ਮਾਡਲ, ਚੌਰ ਸਾਹਿਬ, ਧਾਰਮਿਕ ਸਾਹਿਤ ਅਤੇ ਸਿਰਪਾਓ ਵੀ ਗੁਰਦੁਆਰਾ ਸਾਹਿਬ ਲਏ ਲਿਜਾਏ ਗਏ।
ਇਸ ਜਥੇ ਵਿੱਚ ਬੀਬੀ ਜਗੀਰ ਕੌਰ ਤੋਂ ਇਲਾਵਾ ਸ. ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਬੀਬੀ ਕਿਰਨਜੋਤ ਕੌਰ, ਸ. ਸੁਖਵਰਸ਼ ਸਿੰਘ, ਸ. ਨਵਤੇਜ ਸਿੰਘ ਕਉਣੀ, ਬੀਬੀ ਹਰਜਿੰਦਰ ਕੌਰ, ਬੀਬੀ ਗੁਰਮੀਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਗੁਰਜ਼ਾਰ ਸਿੰਘ ਰਣੀਕੇ, ਬੀਬੀ ਕਵਲਜੀਤ ਕੌਰ, ਰਾਗੀ ਭਾਈ ਸੁਰਿੰਦਰ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਨਛੱਤਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਜਗਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ ਦੇ ਨਾਵਾਂ ਨੂੰ ਪ੍ਰਵਾਗਨੀ ਨਾ ਮਿਲਣ ਕਰਕੇ ਜਥੇ ਨਾਲ ਨਹੀਂ ਜਾ ਸਕੇ। ਜਥੇ ਦੇ ਤਿੰਨ ਮੈਂਬਰ ਸਰਕਾਰ ਵੱਲੋਂ ਸਮੇਂ ਸਿਰ ਸੂਚਨਾ ਨਾ ਦੇਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਰਹਿ ਗਏ।
ਸ਼੍ਰੋਮਣੀ ਕਮੇਟੀ ਦੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਥੇ ਦੀ ਰਵਾਨਗੀ ਮੌਕੇ ਭੁਪਿੰਦਰ ਸਿੰਘ ਭਲਵਾਨ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਪ੍ਰੀਤ ਕੌਰ, ਬੀਬੀ ਜੋਗਿੰਦਰ ਕੌਰ ਧਰਮਕੋਟ, ਓਐਸਡੀ ਡਾ. ਸੁਖਬੀਰ ਸਿੰਘ, ਸ. ਅਮਰੀਕ ਸਿੰਘ ਖਲੀਲਪੁਰ, ਪਰਮੀਤ ਸਿੰਘ ਬੇਦੀ, ਮਨਮੋਹਨ ਸਿੰਘ ਪਖੋਕੇ ਅਤੇ ਹੋਰ ਮੌਜੂਦ ਸਨ।