–ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਰਨੇਬਿਲਟੀ ਬੂਥਾਂ ਦੀ ਮੈਪਿੰਗ ਸਬੰਧੀ ਹੋਈ ਟਰੇਨਿੰਗ
ਹੁਸ਼ਿਆਰਪੁਰ, 10 ਦਸੰਬਰ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕਰਵਾਈਆਂ ਜਾਣਗੀਆਂ। ਉਹ ਵਰਨੇਬਿਲਟੀ ਬੂਥਾਂ ਦੀ ਮੈਪਿੰਗ ਸਬੰਧੀ ਕਰਵਾਈ ਟਰੇਨਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਟਰੇਨਿੰਗ ਵਿਚ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਤੋਂ ਇਲਾਵਾ ਸਹਾਇਕ ਰਿਟਰਨਿੰਗ ਅਫ਼ਸਰ, ਹਲਕਾ ਵਾਈਜ਼ ਜ਼ਿਲ੍ਹਾ ਪੁਲਿਸ ਦੇ ਨੋਡਲ ਅਫ਼ਸਰ, ਸੈਕਟਰ ਅਫ਼ਸਰ ਅਤੇ ਥਾਣਾ ਇੰਚਾਰਜਾਂ ਤੋਂ ਇਲਾਵਾ ਹੋਰ ਵੀ ਅਮਲਾ ਹਾਜ਼ਰ ਸੀ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵੋਟਰਾਂ ਨੂੰ ਬੂਥਾਂ ’ਤੇ ਵਧੀਆ ਮਾਹੌਲ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਇਸ ਲਈ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ’ਤੇ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਬੂਥਾਂ ਦੀ ਸ਼ਨਾਖਤ ਕਰਕੇ 3 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਰਿਟਰਨਿੰਗ ਅਫ਼ਸਰਾਂ ਨੂੰ ਸੌਂਪੀ ਜਾਵੇ ਤਾਂ ਜੋ ਲੋੜ ਮੁਤਾਬਕ ਅਗਲੇਰੇ ਪ੍ਰਬੰਧ ਯਕੀਨੀ ਬਣਾਏ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਟਰੇਨਿੰਗ ਇਕ ਅਜਿਹਾ ਧੁਰਾ ਹੈ, ਜਿਸ ਨਾਲ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਗੰਭੀਰਤਾ ਨਾਲ ਦਿੱਤੀਆਂ ਜਾ ਰਹੀਆਂ ਵੱਖ-ਵੱਖ ਟਰੇਨਿੰਗਾਂ ਦੌਰਾਨ ਸਿਖਲਾਈ ਪ੍ਰਾਪਤ ਕੀਤੀ ਜਾਵੇ। ਉਕਤ ਟਰੇਨਿੰਗ ਮਾਸਟਰ ਟਰੇਨਰ ਏ.ਡੀ.ਓ. ਡਾ. ਕਿਰਨਜੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਕੁਮਾਰ ਵਲੋਂ ਦਿੱਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਐਸ.ਡੀ.ਐਮ. ਸ੍ਰੀਮਤੀ ਨਵਨੀਤ ਕੌਰ ਬੱਲ, ਸ੍ਰੀ ਸ਼ਿਵ ਰਾਜ ਸਿੰਘ ਬੱਲ, ਸ੍ਰੀ ਰਣਦੀਪ ਸਿੰਘ ਹੀਰ, ਸ੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।