ਹਰ ਵਰਗ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਆਨੰਦਗੜ੍ਹ ’ਚ 32 ਲੱਖ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 4 ਦਸੰਬਰ(ਬਿਊਰੋ) : ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਹਰ ਵਰਗ ਦੀ ਜ਼ਰੂਰਤ ਦੇ ਹਿਸਾਬ ਨਾਲ ਸਰਕਾਰ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਤੁਰੰਤ ਲਾਗੂ ਕਰ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹ ਪਿੰਡ ਆਨੰਦਗੜ੍ਹ ਵਿਚ 32 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਪਿੰਡ ਦੀ ਪੰਚਾਇਤ ਨੂੰ 32 ਲੱਖ ਰੁਪਏ ਦੇ ਚੈਕ ਸੌਂਪਦੇ ਹੋਏ ਉਨ੍ਹਾਂ ਕਿਹਾ ਕਿ ਉਕਤ ਰਾਸ਼ੀ ਵਿਚੋਂ 17 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਟਿਊਬਵੈਲ ਬਣੇਗਾ ਤੇ ਬਾਕੀ ਰਾਸ਼ੀ ਨਾਲ ਪਿੰਡ ਦੀਆਂ ਗਲੀਆਂ ਤੇ ਨਾਲੀਆਂ ਦੇ ਨਿਰਮਾਣ ਦੇ ਕੰਮ ਕਰਵਾਏ ਜਾਣਗੇ।
ਵਿਧਾਇਕ ਨੇ ਕਿਹਾ ਕਿ ਉਕਤ ਵਿਕਾਸ ਕਾਰਜ ਪੂਰੇ ਹੋਣ ਨਾਲ ਪਿੰਡ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿਚ ਲੰਬੇ ਸਮੇਂ ਤੋਂ ਟਿਊਬਵੈਲ ਦੀ ਜ਼ਰੂਰਤ ਸੀ ਅਤੇ ਪੰਚਾਇਤ ਵਲੋਂ ਗਲੀਆਂ-ਨਾਲੀਆਂ ਤੇ ਸਕੂਲ ਦੀ ਚਾਰਦੀਵਾਰੀ ਕਰਵਾਉਣ ਦੀ ਮੰਗ ਵੀ ਰੱਖੀ ਗਈ ਸੀ ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸ਼ਹਿਰਾਂ ਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਭੇਦਭਾਵ ਨਹੀਂ ਕੀਤਾ ਗਿਆ ਹੈ ਅਤੇ ਸ਼ਹਿਰਾਂ ਤੇ ਪਿੰਡਾਂ ਵਿਚ ਬਰਾਬਰ ਵਿਕਾਸ ਕਾਰਜ ਕਰਵਾਏ ਗਏ ਹਨ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਪੰਜਾਬ ਵਲੋਂ ਕਈ ਹੋਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਕਾਫ਼ੀ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਜ਼ਰੂਰਤਮੰਦ ਵਿਅਕਤੀ ਦਾ ਦਰਦ ਜਾਣਦੀ ਹੈ।
ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਰਪੰਚ ਰਾਵਲ ਸਿੰਘ, ਪੰਚ ਸਤਨਾਮ ਸਿੱਧੂ, ਰਘਵੀਰ ਸਿੰਘ, ਨਸੀਬ ਚੰਦ, ਸਿਮਰ ਕੌਰ, ਦਲਜੀਤ ਸਿੰਘ, ਕਾਲੂ ਰਾਮ, ਅਜਮੇਰ ਸਿੰਘ, ਜਸਵਿੰਦਰ ਸਿੰਘ, ਅਮਿਤ ਹੀਰ, ਪ੍ਰਤਾਪ ਚੰਦ, ਓਂਕਾਰ ਸਿੰਘ, ਨੀਤਿਨ, ਸੁਨੀਲ ਬਾਂਗੜ, ਨੀਰਜ ਭਾਟਿਆ, ਵਰਿੰਦਰ ਕਤਨੌਰੀਆ, ਸਰਪੰਚ ਕੁਲਦੀਪ ਅਰੋੜਾ, ਮਨਮੋਹਨ ਸਿੰਘ ਕਪੂਰ ਵੀ ਮੌਜੂਦ ਸਨ।