ਬਟਾਲਾ, 5 ਜਨਵਰੀ (ਅਵਿਨਾਸ਼ ਸ਼ਰਮਾ ) : ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਵੱਡੇ ਫੈਸਲੇ ਕਰਕੇ ਇੱਕ ਫਿਰ ਸੂਬੇ ਵਿਚ ਸਰਕਾਰ ਬਣਾਉਣ ਦਾ ਮੁੱਢ ਬੰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤ ਦਰਜ ਕਰਕੇ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ।
ਹਲਕਾ ਸ੍ਰੀ ਹਰਗੋਬਿੰਦਪੁਰ ਦੀ ਗੱਲ ਕਰਦਿਆਂ ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਸੀ ਅਤੇ ਸਾਰੇ ਹੀ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਚੱਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ੍ਰੀ ਹਰਗੋਬਿੰਦਪੁਰ ਦੇ ਵਰਕਰਾਂ ਦੀ ਬਾਂਹ ਫੜ੍ਹਨ ’ਤੇ ਸਮੂਹ ਵਰਕਰ ਪਹਿਲਾਂ ਨਾਲੋਂ ਵੀ ਉਤਸ਼ਾਹਤ ਤੇ ਦ੍ਰਿੜ ਇਰਾਦੇ ਨਾਲ ਪਾਰਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਇੰਜੀ: ਸ਼ਾਹਬਾਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਨੂੰ ਭਰਵਾਂ ਸਹਿਯੋਗ ਅਤੇ ਸਮਰਥਨ ਮਿਲ ਰਿਹਾ ਹੈ। ਇੰਜੀ: ਸ਼ਾਹਬਾਦ ਨੇ ਕਿਹਾ ਕਿ ਉਸਨੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਅਪਲਾਈ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਪਾਰਟੀ ਦੇੇ ਵੱਡੇ ਆਗੂਆਂ ਦੇ ਅਸ਼ੀਰਵਾਦ ਸਦਕਾ ਉਨ੍ਹਾਂ ਨੂੰ ਟਿਕਟ ਜਰੂਰ ਮਿਲੇਗੀ ਅਤੇ ਉਹ ਸ੍ਰੀ ਹਰਗੋਬਿੰਦਪੁਰ ਸੀਟ ਜਿੱਤ ਕੇ ਪਾਰਟੀ ਦਾ ਝੰਡਾ ਬੁਲੰਦ ਕਰਨਗੇ।