75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ
– ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਸੇਵਾ ਕੇਂਦਰਾਂ ’ਚ ਬਣੇਗਾ ਵੱਖਰਾ ਕਾਉਂਟਰ
– ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ
– ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਸੰਦੀਪ ਹੰਸ
– ਕਿਹਾ,ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਬਣਾਈ ‘ਫੋਟੋ ਗੈਲਰੀ’ ਦੀ ਬਦਲੀ ਜਾਵੇਗੀ ਦਿੱਖ
ਹੁਸ਼ਿਆਰਪੁਰ, 20 ਮਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਸੇਵਾ ਕੇਂਦਰਾਂ ਵਿਚ ਵੱਖਰਾ ਕਾਉਂਟਰ ਬਣਾਇਆ ਜਾਵੇਗਾ, ਤਾਂ ਜੋ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਮੌਕੇ ’ਤੇ ਹੀ ਫੈਸਲਾ ਕੀਤਾ ਕਿ ਸੇਵਾ ਕੇਂਦਰਾਂ ਵਿਚ ਇਕ ਵੱਖਰਾ ਕਾਉਂਟਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਹੋਵੇਗਾ। ਇਸ ਮੌਕੇ ਫਰੀਡਮ ਫਾਈਟਰਜ਼ ਸਕਸੈਸਰ ਆਰਗੇਨਾਈਜੇਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਵਤਾਰ ਸਿੰਘ ਤੋਂ ਇਲਾਵਾ ਹੋਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਅਤੇ ਅਹੁਦੇਦਾਰ ਮੌਜੂਦ ਸਨ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜਿਥੇ ਉਕਤ ਪਰਿਵਾਰਾਂ ਲਈ ਸੇਵਾ ਕੇਂਦਰਾਂ ਵਿਚ ਵੱਖਰੇ ਕਾਉਂਟਰ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਆਜ਼ਾਦੀ ਘੁਲਾਟੀਆਂ ਲਈ ਬਣੀ ‘ਫੋਟੋ ਗੈਲਰੀ’ ਨੂੰ ਵੀ ਵੱਖਰੀ ਦਿੱਖ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਰ ਮਹੀਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ, ਤਾਂ ਜੋ ਪਰਿਵਾਰਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਸਤਿਕਾਰਤ ਹਨ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਸ਼ਕਿਲ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਲਈ ਬਣਾਈ ਗਈ ‘ਫੋਟੋ ਗੈਲਰੀ’ ਨੂੰ ਵੱਖਰੀ ਦਿੱਖ ਦੇ ਕੇ ਆਕਰਸ਼ਣ ਦਾ ਕੇਂਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੈਲਰੀ ਵਿਚ ਸਕੂਲਾਂ ਦੇ ਬੱਚਿਆਂ ਦਾ ਵਿਜ਼ਟ ਵੀ ਕਰਵਾਇਆ ਜਾਵੇਗਾ, ਤਾਂ ਜੋ ਬੱਚੇ ਦੇਸ਼ ਲਈ ਕੁਰਬਾਨ ਹੋਣ ਵਾਲੇ ਆਜ਼ਾਦੀ ਘੁਲਾਟੀਆਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜ਼ਿਲ੍ਹੇ ਦੇ ਵੱਖ-ਵੱਖ ਆਜ਼ਾਦੀ ਘੁਲਾਟੀਆਂ ਨੇ ਆਪਣਾ ਆਪਾ ਵਾਰਿਆ ਹੈ ਅਤੇ ਅਜਿਹੀਆਂ ਮਹਾਨ ਸਖਸ਼ੀਅਤਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਟੋਲ ਪਲਾਜ਼ਿਆਂ ’ਤੇ ਆ ਰਹੀ ਦਿੱਕਤ ਸਬੰਧੀ ਮਾਮਲਾ ਧਿਆਨ ਵਿਚ ਆਉਣ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਇਸ ਸਬੰਧੀ ਤੁਰੰਤ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਇਸ ਸਹੂਲਤ ਨੂੰ ਜ਼ਿਲ੍ਹੇ ਦੇ ਟੋਲ ਪਲਾਜ਼ਿਆਂ ’ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਾਰਡ ਹੋਲਡਰ ਪਰਿਵਾਰਾਂ ਲਈ ਮੁਫ਼ਤ ਬੱਸ ਸਹੂਲਤ ਵੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸ੍ਰੀ ਰਮੇਸ਼ ਚੰਦ, ਸ੍ਰੀ ਹੀਰਾ ਪੁਰੀ, ਸ੍ਰੀ ਓਂਕਾਰ ਸਿੰਘ, ਸ੍ਰੀ ਹਰਦੀਪ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਦੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।








