ਹੁਸ਼ਿਆਰਪੁਰ(ਬਿਊਰੋ)
–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਊਂਟ ਕਾਰਮਲ ਸਕੂਲ ’ਚ ਲੱਗਣ ਵਾਲੇ ਮੈਗਾ ਲੀਗਲ ਅਵੇਅਰਨੈਸ ਕੈਂਪ ਸਬੰਧੀ ਵਿਭਾਗਾਂ ਨੂੰ ਦਿੱਤੇ ਨਿਰਦੇਸ਼
–ਕੈਂਪ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
–ਕਿਹਾ, ਪੈਨ ਇੰਡੀਆ ਤਹਿਤ ਸ਼ੁਰੂ ਹੋਏ ਜਾਗਰੂਕਤਾ ਅਭਿਆਨਾਂ ਤਹਿਤ ਜ਼ਿਲ੍ਹੇ ਦੇ ਹਰ ਪਿੰਡ ਵਿਚ ਜਗਾਈ ਜਾ ਰਹੀ ਹੈ ਜਾਗਰੂਕਤਾ ਦੀ ਅਲਖ
8 ਨਵੰਬਰ : ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਜੇ.ਐਸ. ਖੁਰਮੀ ਨੇ ਦੱਸਿਆ ਕਿ 9 ਨਵੰਬਰ ਨੂੰ ਮਾਊਂਟ ਕਾਰਮਲ ਸਕੂਲ ਕੱਕੋਂ ਵਿਚ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਸਬੰਧੀ ਮੈਗਾ ਲੀਗਲ ਅਵੇਅਰਨੈਸ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਇਕ ਹੀ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਤਹਿਤ ਇਥੇ ਸਟਾਲ ਲਗਾ ਕੇ ਵਿਭਾਗ ਮੌਕੇ ’ਤੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਦੇਣਗੇ। ਉਹ ਅੱਜ ਮਾਊਂਟ ਕਾਰਮਲ ਸਕੂਲ ਕੱਕੋਂ ਵਿਚ ਲੱਗਣ ਵਾਲੇ ਮੈਗਾ ਲੀਗਲ ਅਵੇਅਰਨੈਸ ਕੈਂਪ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਸਹਾਇਕ ਕਮਿਸ਼ਨਰ (ਜ) ਸ਼੍ਰੀ ਵਿਓਮ ਭਾਰਦਵਾਜ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਚ ਵੀ ਇਸੇ ਦਿਨ ਕੈਦੀਆਂ ਤੇ ਹਵਾਲਾਤੀਆਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਜਾਵੇਗਾ।
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੈਗਾ ਕੈਂਪ ਦੇ ਦਿਨ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਅਗੇਤੀ ਤਿਆਰੀਆਂ ਕਰ ਲਈਆਂ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਮੈਗਾ ਲੀਗਲ ਅਵੇਅਰਨੈਸ ਕੈਂਪ ਦਾ ਉਦੇਸ਼ ਲੋਕਾਂ ਤੱਕ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਪਹੁੰਚਾਉਣਾ ਹੈ, ਜਿਸ ਵਿਚ ਸਾਰੇ ਵਿਭਾਗਾਂ ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿਚ ਮੁਫ਼ਤ ਕਾਨੂੰਨੀ ਸੇਵਾਵਾਂ ਦੇਣ ਸਬੰਧੀ ਜਾਗਰੂਕਤਾ ਅਭਿਆਨ 31 ਅਕਤੂਬਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ 13 ਨਵੰਬਰ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਪੈਨ ਇੰਡੀਆ ਅਭਿਆਨ ਤਹਿਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਅਥਾਰਟੀ ਵਲੋਂ ਜਿਲ੍ਹੇ ਦੇ ਹਰ ਪਿੰਡ ਵਿਚ ਜਾਗਰੂਕਤਾ ਦੀ ਅਲਖ ਜਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਦੋ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪਹਿਲੇ ਜਾਗਰੂਕਤਾ ਅਭਿਆਨ ‘ਇੰਮਪਾਵਰਮੈਂਟ ਆਫ਼ ਸਿਟੀਜਨ ਥਰੂ ਲੀਗਲ ਅਵੇਅਰਨੈਸ ਐਂਡ ਆਊਟਰੀਚ’ ਵਿਚ ਪੂਰੇ ਜ਼ਿਲ੍ਹੇ ਨੂੰ ਕਵਰ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਜਾਗਰੂਕਤਾ ਅਭਿਆਨ ‘ਹਕ ਹਮਾਰਾ ਵੀ ਤੋ ਹੈ’ ਤਹਿਤ ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੁਵੇਨਾਇਲ ਹੋਮ ਤੇ ਸਪੈਸ਼ਲ ਹੋਮ ਵੀ ਇਸੇ ਅਭਿਆਨ ਵਿਚ ਕਵਰ ਕੀਤੇ ਜਾ ਰਹੇ ਹਨ। ਇਨ੍ਹਾਂ ਜਾਗਰੂਕਤਾ ਅਭਿਆਨਾਂ ਵਿਚ ਬੀ.ਡੀ.ਪੀ.ਓ., ਸਮਾਜ ਸੇਵੀ, ਪੈਰਾ ਲੀਗਲ ਵਲੰਟੀਅਰ, ਪੈਨਲ ਐਡਵੋਕੇਟ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ, ਤਾਂ ਜੋ ਸਾਰਿਆਂ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਸੰਦੇਸ਼ ਪਹੁੰਚ ਸਕੇ।
ਸ਼੍ਰੀਮਤੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਇਸ ਜਾਗਰੂਕਤਾ ਅਭਿਆਨ ਦਾ ਉਦੇਸ਼ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਵੀ ਲੋਕਾਂ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਜ਼ਿਲ੍ਹੇ ਵਿਚ ਰਾਸ਼ਟਰੀ ਲੋਕ ਅਦਾਲਤ ਦਾ ਵੀ ਆਯੋਜਨ ਹੋਵੇਗਾ, ਜਿਸ ਦਾ ਲੋਕ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।








