–ਕਿਹਾ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਸ਼ਡਿਊਲ ਬਣਾ ਕੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਲਗਾਈ ਜਾਵੇ ਵੈਕਸੀਨੇਸ਼ਨ
ਹੁਸ਼ਿਆਰਪੁਰ, 7 ਜਨਵਰੀ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਟੈਸਟਿੰਗ ਅਤੇ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਜਿਥੇ ਐਸ.ਐਮ.ਓਜ਼ ਨੂੰ ਰੋਜ਼ਾਨਾ ਟੀਚੇ ਮੁਤਾਬਕ ਟੈਸਟਿੰਗ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਐਸ.ਡੀ.ਐਮਜ਼ ਨੂੰ ਵੀ ਨਿਗਰਾਨੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਗਠਨ ਵੀ ਟੈਸਟਿੰਗ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਾਕੇ ਲਗਾ ਕੇ ਵੀ ਟੈਸਟਿੰਗ ਕਰਨ ਲਈ ਕਿਹਾ।
ਸ੍ਰੀਮਤੀ ਰਿਆਤ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਿਹਤ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਰਮਿਆਨ ਤਾਲਮੇਲ ਕਰਵਾ ਕੇ ਸ਼ਡਿਊਲ ਬਣਾਉਣ, ਤਾਂ ਜੋ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਵੈਕਸੀਨੇਸ਼ਨ ਲਗਾਈ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 15 ਤੋਂ 18 ਸਾਲ ਤੱਕ ਦੇ ਬੱਚਿਆਂ ਤੋਂ ਇਲਾਵਾ ਹਰੇਕ ਵਿਅਕਤੀ ਲਈ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ, ਇਸ ਲਈ ਪਹਿਲ ਦੇ ਆਧਾਰ ’ਤੇ ਵੈਕਸੀਨੇਸ਼ਨ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿਚ 17,94,540 ਡੋਜ਼ ਲਗਾਈ ਜਾ ਚੁੱਕੀ ਹੈ, ਜਿਨ੍ਹਾਂ ਵਿਚ ਪਹਿਲੀ ਡੋਜ਼ 10,50,004 ਅਤੇ 7,44,536 ਦੂਜੀ ਡੋਜ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਵੀ ਵੈਕਸੀਨੇਸ਼ਨ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਜੋ ਪ੍ਰਵਾਨਗੀਆਂ ਦਿੱਤੀਆਂ ਜਾਣੀਆਂ ਹਨ, ਉਸ ਦੌਰਾਨ ਵੀ ਕੋਵਿਡ ਗਾਇਡਲਾਈਨਜ਼ ਬਾਰੇ ਸੂਚਿਤ ਕੀਤਾ ਜਾਵੇ ਅਤੇ ਸਮੇਂ-ਸਮੇਂ ’ਤੇ ਚੈਕਿੰਗ ਵੀ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜੋ ਪਾਬੰਦੀਆਂ ਲਗਾਈਆਂ ਗਈਆਂ ਹਨ, ਉਨ੍ਹਾਂ ਪਾਬੰਦੀਆਂ ਨੂੰ ਜ਼ਿਲ੍ਹੇ ਵਿਚ ਇਨ-ਬਿਨ ਲਾਗੂ ਕਰਨ ਲਈ ਚੈਕਿੰਗ ਮੁਹਿੰਮ ਵੀ ਵਿੱਢੀ ਜਾਵੇ ਅਤੇ ਉਲੰਘਣਾ ਸਾਹਮਣੇ ਆਉਣ ’ਤੇ ਕਾਨੂੰਨੀ ਕਾਰਵਾਈ ਆਰੰਭੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਆਕਸੀਜਨ ਪਲਾਂਟਾ ਅਤੇ ਬੈਡਾਂ ਦੀ ਉਪਲਬੱਧਤਾ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਦਸੂਹਾ ਸ੍ਰੀ ਰਣਦੀਪ ਸਿੰਘ ਹੀਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਪੀਡੀਮੋਲੋਜਿਸਟ ਡਾ. ਸੈਲੇਸ਼ ਤੋਂ ਇਲਾਵਾ ਐਸ.ਐਮ.ਓਜ਼ ਅਤੇ ਹੋਰ ਵੀ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।








