ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਭਾਵਿਤ ਝੁੱਗੀ-ਝੌਂਪੜੀ ਵਾਲੇ ਪੀੜਤਾਂ ਨੂੰ ਵੰਡੀ ਗਈ ਰਾਹਤ ਸਮੱਗਰੀ
ਹੁਸ਼ਿਆਰਪੁਰ, 29 ਅਪ੍ਰੈਲ(ਬਿਊਰੋ) : ਹੁਸ਼ਿਆਰਪੁਰ-ਊਨਾ ਰੋਡ ’ਤੇ ਸਥਿਤ ਪਿੰਡ ਖੜ੍ਹਕਾਂ ਵਿਚ ਬੀਤੇ ਦਿਨ ਅੱਗ ਲੱਗਣ ਨਾਲ ਸੜਨ ਵਾਲੀਆਂ ਝੁੱਗੀਆਂ ਵਿਚ ਰਹਿਣ ਵਾਲੇ ਲੋਕਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਵਾਲੇ ਜਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਸ੍ਰੀ ਕਰਮਜੀਤ ਸਿੰਘ ਨੇ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਰਾਹਤ ਸਮੱਗਰੀ ਦੀਆਂ ਕਿੱਟਾਂ ਪੀੜਤ ਪਰਿਵਾਰਾਂ ਨੂੰ ਭੇਟ ਕੀਤੀਆਂ, ਜਿਸ ਵਿਚ ਤ੍ਰਿਪਾਲਾਂ ਤੋਂ ਇਲਾਵਾ ਰੋਜ਼ਾਨਾ ਪ੍ਰਯੋਗ ਹੋਣ ਵਾਲੀਆਂ ਵਸਤੂਆਂ ਸ਼ਾਮਲ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਸ੍ਰੀ ਗੁਰੂ ਰਾਮ ਦਾਸ ਲੰਗਰ ਸੇਵਾ ਸੋਸਾਇਟੀ ਰਾਹੀਂ ਪੀੜਤ ਪਰਿਵਾਰਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਰਾਜੇਸ਼ਵਰ ਦਿਆਲ ਬੱਬੀ, ਸ੍ਰੀ ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।








