ਅਨੀਮਿਆ ਮੁਕਤ ਭਾਰਤ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ 10 ਹਜ਼ਾਰ ਲੜਕੀਆਂ ਦਾ ਕਰਵਾਇਆ ਜਾਵੇਗਾ ਚੈਕਅੱਪ : ਸੰਦੀਪ ਹੰਸ
–ਡਿਪਟੀ ਕਮਿਸ਼ਨਰ ਨੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੌਰਾਨ ਦਿੱਤੀ ਜਾਣਕਾਰੀ
–ਵਨ ਸਟਾਪ ਸੈਂਟਰ ਰਾਹੀਂ ਪਿੰਡਾਂ ’ਚ ਘਰੇਲੂ ਹਿੰਸਾ ਨੂੰ ਰੋਕਣ ਲਈ ਫੈਲਾਈ ਜਾਵੇਗੀ ਜਾਗਰੂਕਤਾ
–ਕਿਹਾ, ਪੜ੍ਹਾਈ, ਖੇਡਾਂ ਅਤੇ ਹੋਰ ਖੇਤਰਾਂ ’ਚ ਵਿਸ਼ੇਸ਼ ਉਪਲਬੱਧੀਆਂ ਪ੍ਰਾਪਤ ਕਰਨ ਵਾਲੀਆਂ ਬੇਟੀਆਂ ਨੂੰ ਅੱਗੇ ਵੱਧਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ
ਹੁਸ਼ਿਆਰਪੁਰ, 25 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਅਨੀਮਿਆ ਮੁਕਤ ਭਾਰਤ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿਚ 10 ਹਜ਼ਾਰ ਲੜਕੀਆਂ ਦੇ ਚੈਕਅੱਪ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ, ਤਾਂ ਜੋ ਜ਼ਿਲ੍ਹੇ ਦੀਆਂ ਬੱਚੀਆਂ ਦੀ ਸਿਹਤ ਸੰਭਾਲ ਕੀਤੀ ਜਾ ਸਕੇ। ਉਹ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਕਰਕੇ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਉਪਲਬੱਧੀਆਂ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇ ਅਤੇ ਕਮੇਟੀ ਮੈਂਬਰ ਇਸ ਤਰ੍ਹਾਂ ਦੇ ਮਾਮਲਿਆਂ ਦੇ ਕੇਸ ਮੀਟਿੰਗ ਦੌਰਾਨ ਸਾਹਮਣੇ ਰੱਖਣ, ਤਾਂ ਜੋ ਉਨ੍ਹਾਂ ਬੇਟੀਆਂ ਨੂੰ ਸਬੰਧਤ ਖੇਤਰਾਂ ਵਿਚ ਹੋਰ ਅੱਗੇ ਲਿਜਾਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯਤਨ ਕੀਤੇ ਜਾ ਸਕਣ। ਇਸ ਦੌਰਾਨ ਉਨ੍ਹਾਂ ਹਿੰਸਾ ਮੁਕਤ ਪੰਚਾਇਤਾਂ ਬਣਾਉਣ ’ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਕਿਹਾ ਕਿ ਵਨ ਸਟਾਪ ਸੈਂਟਰ ਰਾਹੀਂ ਜ਼ਿਲ੍ਹੇ ਦੇ ਪਿੰਡਾਂ ਵਿਚ ਘਰੇਲੂ ਹਿੰਸਾ ਨੂੰ ਰੋਕਣ ਲਈ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਡਾਟਾ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਹੈ ਕਿ ਜਾਗਰੂਕਤਾ ਰਾਹੀਂ ਪਿੰਡਾਂ ਵਿਚ ਘਰੇਲੂ ਹਿੰਸਾ ਦੇ ਮਾਮਲਿਆਂ ’ਤੇ ਰੋਕ ਲਗਾਈ ਜਾਵੇ ਅਤੇ ਮਾਮਲਾ ਸਾਹਮਣੇ ਆਉਣ ’ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।
ਸ੍ਰੀ ਸੰਦੀਪ ਹੰਸ ਨੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਜ਼ਿਲ੍ਹੇ ਦੀਆਂ 1926 ਆਂਗਣਵਾੜੀ ਸੈਂਟਰਾਂ ਵਲੋਂ ਮਈ 2022 ਦੌਰਾਨ ਕੀਤੀਆਂ ਗਈਆਂ 5901 ਗਤੀਵਿਧੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਗਤੀਵਿਧੀਆਂ ਜਾਰੀ ਰੱਖਣ। ਉਨ੍ਹਾਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਨਵ-ਜੰਮੀਆਂ ਬੱਚੀਆਂ ਦੇ ਜਨਮ ਦਿਨ ’ਤੇ ਇਕ ਪੌਦਾ ਜ਼ਰੂਰ ਲਗਾਉਣ। ਉਨ੍ਹਾਂ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਸਕੀਮ ਤਹਿਤ ਆਪਣੇ ਸੁਝਾਅ ਦੇਣ ਲਈ ਵੀ ਕਿਹਾ, ਤਾਂ ਜੋ ਭਵਿੱਖ ਵੀ ਇਸ ਸਕੀਮ ਨੂੰ ਹੋਰ ਵਧੇਰੇ ਸਫਲਤਾ ਨਾਲ ਜ਼ਿਲ੍ਹੇ ਵਿਚ ਲਾਗੂ ਕੀਤਾ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵਰਾਜ ਸਿੰਘ ਬੱਲ, ਜਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਰਜਿੰਦਰ ਸਿੰਘ, ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।








