ਹੁਸ਼ਿਆਰਪੁਰ(ਬਿਊਰੋ)
ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ 16 ਨੂੰ ਬੂਥ ਪੱਧਰ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਜ਼ਿਲ੍ਹਾ ਚੋਣ ਅਫ਼ਸਰ
-ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਾਪਤ ਕਰਨਗੇ ਫਾਰਮ
14 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ 16 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੋਟਰਾਂ ਤੋਂ ਫਾਰਮ ਨੰਬਰ 6-ਬੀ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਉਹ ਸੁਪਰਵਾਈਜ਼ਰਾਂ ਤੇ ਬੀ.ਐਲ.ਓਜ਼ ਰਾਹੀਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਇਸ ਲਈ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਸਕੂਲਾਂ ਵਿਚ ਪੋਲਿੰਗ ਸਟੇਸ਼ਨ ਬਣੇ ਹੋਏ ਹਨ, ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਜਾਵੇ ਕਿ 16 ਅਕਤੂਬਰ (ਐਤਵਾਰ) ਨੂੰ ਸਕੂਲ ਖੁੱਲ੍ਹਾ ਰੱਖਿਆ ਜਾਵੇ, ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਵਲੋਂ ਆਧਾਰ ਡਾਟਾ ਇਕੱਤਰ ਕਰਨ ਲਈ ਹਰ ਮਹੀਨੇ ਦੇ ਐਤਵਾਰ ਨੂੰ ਪੋਲਿੰਗ ਬੂਥ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਦਾ ਕੈਂਪ 16 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਵੋਟਰ ਇਸ ਕੈਂਪ ਦਾ ਲਾਭ ਲੈ ਕੇ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ। ਉਨ੍ਹਾਂ ਦੱਸਿਆ ਕਿ ਅਗਲੇ ਕੈਂਪ 20 ਨਵੰਬਰ 2022, 4 ਦਸੰਬਰ 2022, 8 ਜਨਵਰੀ 2023, 5 ਫਰਵਰੀ 2023 ਅਤੇ 5 ਮਾਰਚ 2023 ਨੂੰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ, ਵੋਟਰ ਹੈਲਪਲਾਈਨ ਐਪ ਐਨ.ਵੀ.ਐਸ.ਪੀ. ਤੇ ਫਾਰਮ 6-ਬੀ. ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਉਹ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ ਗਏ 11 ਦਸਤਾਵੇਜਾਂ ਵਿਚੋਂ ਕਿਸੇ ਇਕ ਦਸਤਾਵੇਜ਼ ਦੀ ਜਾਣਕਾਰੀ ਭਰ ਕੇ ਰਜਿਸਟਰ ਕਰ ਸਕਦਾ ਹੈ।








