ਹੁਸ਼ਿਆਰਪੁਰ, 8 ਮਈ (ਪ੍ਰਾਈਮ ਪੰਜਾਬ ਟਾਈਮਜ)
ਗੈਰ-ਖੇਤੀਬਾੜੀ ਕੰਮਾਂ ‘ਚ ਸਬਸਿਡੀਸ਼ੁਦਾ ਯੂਰੀਆ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਬਸਿਡੀਸ਼ੁਦਾ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਅਤੇ ਡਾਇਵਰਜਨ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਟਾਸਕ ਫੋਰਸ ਵਿੱਚ ਮੁੱਖ ਖੇਤੀਬਾੜੀ ਅਫਸਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਐਸ.ਪੀ. ਹੈਡਕੁਆਰਟਰ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਟਾਸਕਫੋਰਸ ਦਾ ਮੁੱਖ ਉਦੇਸ਼ ਖੇਤੀਬਾੜੀ ਲਈ ਦਿੱਤੀ ਜਾਣ ਵਾਲੀ ਸਬਸਿਡੀਸ਼ੁਦਾ ਯੂਰੀਆ ਖਾਦ ਦੀ ਗੈਰ-ਖੇਤੀਬਾੜੀ ਕੰਮਾਂ ਵਿੱਚ ਹੋ ਰਹੀ ਵਰਤੋਂ ‘ਤੇ ਨਿਗਰਾਨੀ ਰੱਖਣਾ ਅਤੇ ਇਸ ਨੂੰ ਪੂਰੀ ਤਰ੍ਹਾਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਜ਼ਬ ਕੀਮਤ ‘ਤੇ ਯੂਰੀਆ ਉਪਲਬੱਧ ਕਰਵਾਉਣ ਲਈ ਵੱਡੇ ਪੱਧਰ ‘ਤੇ ਸਬਸਿਡੀ ਦਿੱਤੀ ਜਾਂਦੀ ਹੈ, ਪਰ ਕੁਝ ਉਦਯੋਗਿਕ ਇਕਾਈਆਂ ਅਤੇ ਫੈਕਟਰੀਆਂ ਵੱਲੋਂ ਇਸ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਖਾਦ ਦੀ ਵਰਤੋਂ ਫੀਡ ਤਿਆਰ ਕਰਨ, ਰੇਜਿਨ ਬਣਾਉਣ, ਪਲਾਈਵੁੱਡ ਫੈਕਟਰੀਆਂ ਅਤੇ ਹੋਰ ਗੈਰ-ਖੇਤੀਬਾੜੀ ਕੰਮਾਂ ਵਿੱਚ ਕੀਤੇ ਜਾਣ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਅਤੇ ਕਿਸਾਨਾਂ ਲਈ ਖਾਦ ਦੀ ਉਪਲਬਧਤਾ ਪ੍ਰਭਾਵਿਤ ਹੁੰਦੀ ਹੈ।
ਮੁੱਖ ਖੇਤੀਬਾੜੀ ਅਫਸਰ ਡਾ. ਦਪਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਾਸਕਫੋਰਸ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਸਪਲਾਈ, ਸਟੋਰੇਜ ਅਤੇ ਵਰਤੋਂ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਸਬੰਧੀ ਕੋਈ ਜਾਣਕਾਰੀ ਜਾਂ ਸ਼ਿਕਾਇਤ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਸਬੰਧਤ ਬਲਾਕ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਦੋਸ਼ੀਆਂ ਖਿਲਾਫ ਫਰਟੀਲਾਇਜ਼ਰ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।








