ਗੜ੍ਹਦੀਵਾਲਾ 1 ਜੁਲਾਈ (ਚੌਧਰੀ / ਪ੍ਰਦੀਪ ਕੁਮਾਰ )
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਨਿਸ਼ਚੈ ਅਕੈਡਮੀ, ਚੰਡੀਗੜ੍ਹ ਦੇ ਸਹਿਯੋਗ ਨਾਲ NDA (10+1ਅਤੇ10+2 ਦੇ ਵਿਦਿਆਰਥੀਆਂ ਲਈ) ਅਤੇ UPSC ਤੇ PCS (ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ) ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਪਹਿਲ ਦਾ ਮੁੱਖ ਮਕਸਦ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਮਾਰਗਦਰਸ਼ਨ ਅਤੇ ਸਿਖਲਾਈ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਦੇਸ਼ ਦੀਆਂ ਵੱਖ-ਵੱਖ ਪ੍ਰਸ਼ਾਸਨਿਕ ਅਤੇ ਰੱਖਿਆ ਸੇਵਾਵਾਂ ਵਿੱਚ ਆਪਣਾ ਸਥਾਨ ਬਣਾ ਸਕਣ। ਇਸ ਕੋਚਿੰਗ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਨਿਯਮਿਤ ਕਲਾਸਾਂ, ਟੈਸਟ ਸੀਰੀਜ਼, ਅਧਿਐਨ ਸਮੱਗਰੀ ਅਤੇ ਇੰਟਰਵਿਊ ਗਾਈਡੈਂਸ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਦੀ ਨਿਸ਼ਚੈ ਅਕੈਡਮੀ, ਚੰਡੀਗੜ੍ਹ ਨਾਲ ਸਾਂਝ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਮੌਕਾ ਹੈ, ਜਿਸ ਨਾਲ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਹੀ ਦਿਸ਼ਾ ਅਤੇ ਬਿਹਤਰ ਤਿਆਰੀ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਖੇਤਰ ਦੇ ਵਿਦਿਆਰਥੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਪ੍ਰਰੇਨਾ ਸਦਕਾ ਖ਼ਾਲਸਾ ਕਾਲਜ ਗੜ੍ਹਦੀਵਾਲਾ ਲੰਮੇ ਸਮੇਂ ਤੋਂ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਦਾ ਆ ਰਿਹਾ ਹੈ ਅਤੇ ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਸ਼ੁਰੂ ਕਰਕੇ ਵਿਦਿਆਰਥੀਆਂ ਲਈ ਕੈਰੀਅਰ ਦੇ ਨਵੇਂ ਰਾਹ ਖੋਲ੍ਹ ਰਿਹਾ ਹੈ।








