ਗੜ੍ਹਦੀਵਾਲਾ 7 ਅਗਸਤ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗ੍ਰੈਜੂਏਸ਼ਨ ਕਲਾਸਾਂ ਦੇ ਪਹਿਲੇ ਸਾਲ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਨਿਯਮਾਂ, ਸਹੂਲਤਾਂ ਅਤੇ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਣਾ ਸੀ। ਵਾਈਸ ਪ੍ਰਿੰਸੀਪਲ ਸ਼੍ਰੀ ਸੰਜੀਵ ਸਿੰਘ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ, ਪਾਠਕ੍ਰਮ, ਲਾਇਬ੍ਰੇਰੀ, ਐੱਨ.ਐੱੱਸ.ਐੱੱਸ., ਐੱਨ.ਸੀ.ਸੀ., ਪਲੇਸਮੈਂਟ ਸੈੱਲ, ਕੈਰੀਅਰ ਮਾਰਗਦਰਸ਼ਨ ਅਤੇ ਹੋਰ ਵਿਦਿਆਰਥੀ ਭਲਾਈ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਨੁਸ਼ਾਸਨਕ ਨੀਤੀਆਂ, ਪ੍ਰੀਖਿਆ ਪ੍ਰਣਾਲੀ ਅਤੇ ਡਿਜ਼ੀਟਲ ਸਹੂਲਤਾਂ ਨਾਲ ਵੀ ਜਾਣੂੰ ਕਰਵਾਇਆ ਗਿਆ। ਬੁਲਾਰਿਆਂ ਮੈਡਮ ਕਮਲਜੀਤ ਕੌਰ ਅਤੇ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਸਾਹਿਤਕ, ਸੱਭਿਆਚਾਰਕ, ਖੇਡ ਅਤੇ ਸਮਾਜ ਸੇਵੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਦਾ ਹਰ ਅਧਿਆਪਕ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਮਾਰਗਦਰਸ਼ਨ ਦੇਣ ਲਈ ਵਚਨਬੱਧ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅਨੁਸ਼ਾਸਨ, ਮਿਹਨਤ ਅਤੇ ਉੱਚੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਅੱਗੇ ਵਧਣ ਦੇ ਭਰਪੂਰ ਮੌਕੇ ਪ੍ਰਦਾਨ ਕਰਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਕਾਲਜ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਕਾਲਜ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਿਹਨਤ ਅਤੇ ਲਗਨ ਨਾਲ ਆਪਣੀ ਪੜ੍ਹਾਈ ਜਾਰੀ ਰੱਖਣਗੇ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀ ਹਾਜ਼ਰ ਸਨ।








