ਗੜ੍ਹਦੀਵਾਲਾ 20 ਅਗਸਤ (ਚੌਧਰੀ / ਪ੍ਰਦੀਪ ਕੁਮਾਰ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਵੱਲੋਂ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਵਿਸ਼ੇ ‘ਸੋਮਨਾਥ ਸੰਵਾਦ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਇਤਿਹਾਸ, ਵਿਰਾਸਤ ਅਤੇ ਇਸ ਨਾਲ ਜੁੜੇ ਵੱਖ-ਵੱਖ ਵਿਚਾਰਾਂ ਤੋਂ ਜਾਣੂ ਕਰਵਾਉਣਾ ਸੀ। ਲੈਕਚਰ ਦੌਰਾਨ ਮੁੱਖ ਬੁਲਾਰੇ (ਮੈਡਮ ਹਿਨਾ, ਰਿਸਰਚ ਸਕਾਲਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਨੇ ‘ਸੋਮਨਾਥ ਸੰਵਾਦ’ ਦੇ ਇਤਿਹਾਸਕ ਪਿਛੋਕੜ, ਸਮਾਜਿਕ ਪ੍ਰਭਾਵ ਅਤੇ ਵਰਤਮਾਨ ਸੰਦਰਭ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸਮਝਣ ਲਈ ਘਟਨਾਵਾਂ ਦੇ ਨਾਲ-ਨਾਲ ਉਨ੍ਹਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਪੱਖਾਂ ਨੂੰ ਵੀ ਵਿਚਾਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਤਿਹਾਸਕ ਸਰੋਤਾਂ ਦਾ ਤੱਥਾਂ ਦੇ ਆਧਾਰ ’ਤੇ ਅਧਿਐਨ ਕਰਨ ਅਤੇ ਤਰਕਸ਼ੀਲ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਲੈਕਚਰ ਉਪਰੰਤ ਵਿਦਿਆਰਥੀਆਂ ਵੱਲੋਂ ਮੁੱਖ ਬੁਲਾਰੇ ਨਾਲ ਵਿਸ਼ੇ ਸਬੰਧੀ ਸਵਾਲ-ਜਵਾਬ ਵੀ ਕੀਤੇ ਗਏ। ਸਮਾਗਮ ਦੇ ਅੰਤ ਵਿੱਚ ਇਤਿਹਾਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਬਾਜਵਾ ਵੱਲੋਂ ਮੁੱਖ ਬੁਲਾਰੇ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ। ਸਮਾਗਮ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਵਿਸ਼ਿਆਂ ਨੂੰ ਡੂੰਘਾਈ ਨਾਲ ਸਮਝਣ ਅਤੇ ਉਨ੍ਹਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਉਤਸ਼ਾਹਿਤ ਕੀਤਾ।






