ਗੜ੍ਹਦੀਵਾਲਾ 23 ਅਗਸਤ (ਚੌਧਰੀ)
24 ਅਗਸਤ ਦੀ ਸੂਬਾ ਵਰਕਿੰਗ ਕਮੇਟੀ ਮੀਟਿੰਗ ਵਿੱਚ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਵੱਲੋਂ ਗੁਪਤ ਐਕਸ਼ਨ ਦਾ ਕੀਤਾ ਜਾਵੇਗਾ ਐਲਾਨ
: ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਦੇ ਮਸਲੇ ਨੂੰ ਲਗਾਤਾਰ ਲਟਕਾਉਣ ’ਤੇ ਤਿੱਖਾ ਰੋਸ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮੇ ਲੰਮੇ ਸਮੇਂ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਵਿਭਾਗ ਅਧੀਨ ਸਿੱਧਾ ਕੰਟਰੈਕਟ ਜਾਰੀ ਕਰਨ ਅਤੇ ਨਵੇਂ ਐਕਟ ਅਧੀਨ ਲਿਆਉਣ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਵਾਰ-ਵਾਰ ਟਾਲਮਟੋਲ ਕੀਤੀ ਜਾ ਰਹੀ ਹੈ।
ਦਰਸ਼ਵੀਰ ਸਿੰਘ ਰਾਣਾ ਨੇ ਕਿਹਾ ਕਿ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਵਰਕਰਾਂ ਦੇ ਮਸਲੇ ਹੱਲ ਨਹੀਂ ਹੋਣਗੇ। ਸਰਕਾਰ ਨੂੰ ਹੁਣ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਠੋਸ ਫੈਸਲੇ ਲਾਗੂ ਕਰਨੇ ਪੈਣਗੇ।ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਇਸ ਮਸਲੇ ਨੂੰ ਲੈ ਕੇ ਜਲ ਸਪਲਾਈ ਵਿਭਾਗ ਅਤੇ ਪੰਜਾਬ ਸਰਕਾਰ ਨਾਲ ਸੈਂਕੜੇ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਹਰ ਵਾਰ ਭਰੋਸੇ ਮਿਲਣ ਦੇ ਬਾਵਜੂਦ ਜਦੋਂ ਉਨ੍ਹਾਂ ਨੂੰ ਲਾਗੂ ਕਰਨ ਦੀ ਵਾਰੀ ਆਉਂਦੀ ਹੈ ਤਾਂ ਮਾਮਲਾ ਦੁਬਾਰਾ ਲਟਕਾ ਦਿੱਤਾ ਜਾਂਦਾ ਹੈ। ਇਸ ਕਾਰਨ ਵਰਕਰਾਂ ਵਿੱਚ ਸਰਕਾਰ ਅਤੇ ਵਿਭਾਗ ਦੀ ਕਾਰਗੁਜ਼ਾਰੀ ਪ੍ਰਤੀ ਭਾਰੀ ਰੋਸ਼ ਪੈਦਾ ਹੋ ਗਿਆ ਹੈ।
24 ਅਗਸਤ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਫੈਸਲਾ ਸੂਬਾ ਪ੍ਰਧਾਨ ਨੇ ਐਲਾਨ ਕੀਤਾ ਕਿ 24 ਅਗਸਤ ਨੂੰ ਹੋਣ ਵਾਲੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਇੱਕ ਗੁਪਤ ਐਕਸ਼ਨ ਦਾ ਐਲਾਨ ਵੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਯੂਨੀਅਨ ਹੁਣ ਸਿਰਫ਼ ਭਰੋਸਿਆਂ ’ਤੇ ਨਹੀਂ ਬੈਠੇਗੀ। ਜੇਕਰ ਸਰਕਾਰ ਨੇ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਦਰਸ਼ਵੀਰ ਸਿੰਘ ਰਾਣਾ ਨੇ ਕਿਹਾ ਕਿ 24 ਅਗਸਤ ਤੋਂ ਬਾਅਦ ਹੋਣ ਵਾਲੇ ਕਿਸੇ ਵੀ ਸੰਘਰਸ਼ ਅਤੇ ਉਸ ਤੋਂ ਪੈਦਾ ਹੋਣ ਵਾਲੀ ਸਥਿਤੀ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਹੋਵੇਗੀ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨਾਲ ਕੀਤੇ ਵਾਅਦਿਆਂ ਨੂੰ ਤੁਰੰਤ ਅਮਲੀ ਰੂਪ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਵਿਭਾਗ ਅਧੀਨ ਸਿੱਧਾ ਕੰਟਰੈਕਟ ਜਾਰੀ ਕਰਕੇ ਲੰਮੇ ਸਮੇਂ ਤੋਂ ਚੱਲ ਰਹੀ ਅਣਸ਼ਚਿਤਤਾ ਦਾ ਅੰਤ ਕੀਤਾ ਜਾਵੇ।
——
ਕੈਪਸਨ: ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਜਾਣਕਾਰੀ ਦਿੰਦੇ ਹੋਏ






