ਗੜ੍ਹਦੀਵਾਲਾ 23 ਸਤੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਤਣਾਅ ਦੇ ਪ੍ਰਭਾਵ ਅਤੇ ਇੱਕ ਸੰਤੁਲਿਤ ਜੀਵਨ ਲਈ ਮਾਨਸਿਕ ਤੌਰ ’ਤੇ ਸਿਹਤਮੰਦ ਰਹਿਣ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਅਰਥ-ਸ਼ਾਸਤਰ ਵਿਭਾਗ ਦੇ ਅਧਿਆਪਕ ਜਸਪ੍ਰੀਤ ਕੌਰ ਨੇ ਮਾਨਸਿਕ ਸਿਹਤ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮਾਨਸਿਕ ਸਿਹਤ ਸਿਰਫ਼ ਕਿਸੇ ਮਾਨਸਿਕ ਬਿਮਾਰੀ ਦੀ ਗੈਰ-ਮੌਜੂਦਗੀ ਦਾ ਨਾਮ ਨਹੀਂ, ਸਗੋਂ ਵਿਅਕਤੀ ਦੀ ਭਾਵਨਾਤਮਕ, ਸਮਾਜਿਕ ਅਤੇ ਮਨੋਵਿਗਿਆਨਕ ਤੰਦਰੁਸਤੀ ਨਾਲ ਜੁੜੀ ਹੋਈ ਹੈ। ਚੰਗੀ ਮਾਨਸਿਕ ਸਿਹਤ ਵਿਅਕਤੀ ਨੂੰ ਤਣਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ, ਸਕਾਰਾਤਮਕ ਸੋਚ ਰੱਖਣ, ਸਹੀ ਫ਼ੈਸਲੇ ਲੈਣ ਅਤੇ ਆਪਣੇ ਰਿਸ਼ਤਿਆਂ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਵਿੱਚ ਸਹਾਇਤਾ ਕਰਦੀ ਹੈ।ਵਿਦਿਆਰਥੀਆਂ ਲਈ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਦੱਸਿਆ ਗਿਆ ਕਿ ਪੜ੍ਹਾਈ, ਪ੍ਰੀਖਿਆਵਾਂ, ਕਰੀਅਰ, ਮੁਕਾਬਲੇ ਅਤੇ ਨਿੱਜੀ ਜੀਵਨ ਨਾਲ ਜੁੜਿਆ ਤਣਾਅ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਮੁੱਚੀ ਸ਼ਖ਼ਸੀਅਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਪੂਰੀ ਨੀਂਦ, ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਸਮੇਂ ਦੀ ਸਹੀ ਯੋਜਨਾਬੰਦੀ, ਸਕਾਰਾਤਮਕ ਸੋਚ ਅਤੇ ਆਪਣੀਆਂ ਭਾਵਨਾਵਾਂ ਨੂੰ ਪਰਿਵਾਰ, ਦੋਸਤਾਂ ਜਾਂ ਅਧਿਆਪਕਾਂ ਨਾਲ ਸਾਂਝਾ ਕਰਨਾ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫ਼ਲਤਾ ਲਈ ਸਿਰਫ਼ ਅਕਾਦਮਿਕ ਯੋਗਤਾ ਹੀ ਨਹੀਂ, ਸਗੋਂ ਉਨ੍ਹਾਂ ਦੀ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਨਸਿਕ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਲੋੜ ਪੈਣ ’ਤੇ ਆਪਣੇ ਅਧਿਆਪਕਾਂ ਜਾਂ ਭਰੋਸੇਮੰਦ ਵਿਅਕਤੀਆਂ ਨਾਲ ਗੱਲ ਕਰਨ ਲਈ ਪ੍ਰੇਰਿਤ ਕੀਤਾ।






