ਹੁਸ਼ਿਆਰਪੁਰ, 30 ਸਤੰਬਰ (ਪ੍ਰਾਈਮ ਪੰਜਾਬ ਟਾਈਮਜ)
ਸੜਕ ਹਾਦਸਿਆਂ ਦੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਮਨੁੱਖਤਾ ਦੀ ਭਲਾਈ ਦਾ ਕਾਰਜ
ਸੁਰੱਖਿਆ ਨਿਯਮਾਂ ਲਈ ਜਾਗਰੂਕਤਾ ਪ੍ਰੋਗਰਾਮ ਅਤੇ ਚੈਕਿੰਗ ਜਾਰੀ ਰਹੇਗੀ
: ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਅੱਜ ਇੱਥੇ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਨਾ ਨੇ ਸਬੰਧਿਤ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪੀਐੱਮ- ਰਾਹਤ ਯੋਜਨਾ ਦਾ ਲਾਭ ਦਵਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਆਰ.ਟੀ.ਓ ਅਮਨਦੀਪ ਕੌਰ ਘੁੰਮਣ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਰ ਰਾਕੇਸ਼ ਕੁਮਾਰ ਮੀਨਾ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਸਰਕਾਰ ਵੱਲੋਂ ਚਲਾਈ ਜਾ ਰਹੀ ਪੀਐਮ-ਰਾਹਤ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੀ ਸੂਰਤ ਵਿੱਚ ਜ਼ਖ਼ਮੀਆਂ ਦੀ ਤੁਰੰਤ ਮਦਦ ਕਰਨ ਅਤੇ ਬਿਨਾਂ ਕਿਸੇ ਡਰ ਜਾਂ ਝਿਝਕ ਦੇ ਉਨ੍ਹਾਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪਹੁੰਚਾਉਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਾਹਵੀਰ ਸਕੀਮ ਤਹਿਤ ਹਾਦਸੇ ਦੇ 60 ਮਿੰਟਾਂ ਦੇ ਅੰਦਰ-ਅੰਦਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ 25 ਹਜ਼ਾਰ ਰੁਪਏ ਨਕਦ ਅਤੇ ਹੌਂਸਲਾ ਅਫਜਾਈ ਦਾ ਪੱਤਰ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪੁਲਿਸ ਵਿਭਾਗ ਅਤੇ ਸਿਵਲ ਸਰਜਨ ਦਫ਼ਤਰ ਦੀ ਭੂਮਿਕਾ ਅਤਿ ਮਹੱਤਵਪੂਰਨ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਰਿਸ਼ਤੇ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਲਈ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਹੋ ਸਕੇ। ਆਰਟੀਓ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 58 ਹਾਦਸੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 46 ਗੰਭੀਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੀੜਤਾਂ ਦੀ ਸਮੇਂ ਸਿਰ ਮਦਦ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਤਾਂ ਜੋ ਇਨ੍ਹਾਂ ਜਾਨਾਂ ਨੂੰ ਬਚਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਨੇ ਦੱਸਿਆ ਕਿ ਸਰਕਾਰ ਦੀ ਯੋਜਨਾ ਅਨੁਸਾਰ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ ‘ਗੋਲਡਨ ਆਵਰ’ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿਚ ਇਲਾਜ ਲਈ ਲੈ ਕੇ ਜਾਣਾ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਨਜ਼ਦੀਕੀ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਲਈ 112 ਹੈਲਪਲਾਈਨ ‘ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ, ਐਫਆਈਆਰ ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾ ਕੇ ਦਾਖ਼ਲ ਕਰਵਾਉਣ ਵਾਲੇ ਤੁਰੰਤ ਉੱਥੋਂ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਹਫਤੇ ਮਨਾਉਣ ਦੇ ਨਾਲ-ਨਾਲ ਸਕੂਲੀ ਬੱਸਾਂ ਦੀ ਚੈਕਿੰਗ ਜਾਰੀ ਹੈ ਅਤੇ ਕਿਸੇ ਕਿਸਮ ਦੀ ਲਾਪਰਵਾਹੀ ਪਾਏ ਜਾਣ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਤੇ ਹੋਰ ਅਧਿਕਾਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕਰਦੇ ਹੋਏ।







