Prime Punjab Times

Latest news
ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ हरियाणा के मुख्यमंत्री नायब सिंह सैनी ने पंजाब में कानून-व्यवस्था, नशे और विकास के मुद्दे पर आप सरका... ਜਨਗਣਨਾ-2027: ਨਗਰ ਨਿਗਮ ਖੇਤਰ ਦੇ ਵਸਨੀਕ 16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕਣਗੇ ਆਨਲਾਈਨ ਸਵੈ-ਗਣਨਾ : ਪ੍ਰੀਤਇੰਦਰ...
ADVERTISEMENT
You are currently viewing ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ

ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ

ਟਾਂਡਾ/ਹੁਸ਼ਿਆਰਪੁਰ, 2 ਅਕਤੂਬਰ (ਚੌਧਰੀ) 

– ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਟਾਂਡਾ ਦੀ ਖੋਖਰ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ

– ਝੋਨੇ ਦੀ ਸਰਕਾਰੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਸਿੱਧੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਰਿਹਾ ਭੁਗਤਾਨ

– ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼

: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਅੱਜ ਟਾਂਡਾ ਦੀ ਖੋਖਰ ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿੱਚ ਝੋਨੇ ਦੀ ਖਰੀਦ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਕਲਿਆਣਪੁਰ ਦੇ ਕਿਸਾਨ ਨਿਸ਼ਾਨ ਸਿੰਘ ਦੀ ਫਸਲ ਦੀ ਖਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿੱਚ ਖਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿੱਚ ਝੋਨੇ ਦੀ ਭਰਵੀਂ ਫਸਲ ਪਹੁੰਚ ਰਹੀ ਹੈ ਅਤੇ ਫਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਪਾਰਦਰਸ਼ੀ ਢੰਗ ਨਾਲ ਸਿੱਧੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਝੋਨੇ ਦੀ ਖਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਕਿਸਾਨਾਂ ਨੂੰ ਫਸਲ ਵੇਚਣ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੇ ਪੂਰੀ ਤਰ੍ਹਾਂ ਪੱਕਣ ਅਤੇ ਸੁੱਕਣ ਉਪਰੰਤ ਹੀ ਕਟਾਈ ਕਰਨ ਅਤੇ ਮੰਡੀਆਂ ਵਿੱਚ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਲੈ ਕੇ ਆਉਣ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇਗੀ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਵੀ ਨਹੀਂ ਕਰਨੀ ਪਵੇਗੀ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪਹੁੰਚ ਰਹੀ ਫਸਲ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਇਆ ਜਾਵੇ ਅਤੇ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤੇ ਜਾਣ।

ਪਰਾਲੀ ਸਾੜਨ ਦੇ ਮੁੱਦੇ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਾਤਾਵਰਣ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਡੇ ਪੱਧਰ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਰਕਾਰ ਦਾ ਸਹਿਯੋਗ ਕਰਨ।

ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿਲਰਾਂ, ਮਜ਼ਦੂਰਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਮੰਡੀਆਂ ਵਿੱਚ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਮੰਡੀਆਂ ਦੀ ਗਿਣਤੀ ਵੀ ਵਧਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਪੱਧਰ ’ਤੇ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ, ਲਿਫਟਿੰਗ ਤੇ ਭੁਗਤਾਨ ਦੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੁੱਕੀ ਅਤੇ ਨਿਰਧਾਰਤ ਨਮੀ ਵਾਲੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ, ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਮੰਡੀ ਦੇ ਪ੍ਰਧਾਨ ਰਾਕੇਸ਼ ਵੋਹਰਾ, ਪਰਮਿੰਦਰ ਸਿੰਘ ਸੈਣੀ, ਬਲਵੀਰ ਸਿੰਘ ਕੰਗ, ਗੁਰਲੀਤ ਸਿੰਘ ਗੋਲਡੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।