ਬਟਾਲਾ, 10 ਨਵੰਬਰ (ਅਵਿਨਾਸ਼ ਸ਼ਰਮਾ)
13 ਨਵੰਬਰ ਨੂੰ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਨਾਲ ਸ਼ਮੂਲੀਅਤ ਕਰਨਗੇ ਪੈਨਸ਼ਨਰ
: ਸਟੇਟ ਪੈਨਸ਼ਨਰ ਜ਼ਿਲ੍ਹਾ ਕਾਰਜਕਾਰਨੀ ਦੀ ਮਹੀਨਾਵਾਰ ਮੀਟਿੰਗ ਰਾਮਪਾਲ ਸੈਣੀ ਅਤੇ ਚਮਨ ਗੁਪਤਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, ਮੁੱਖ ਸਲਾਹਕਾਰ ਡਾ. ਲੇਖਰਾਜ ਅਤੇ ਇੰਜੀਨੀਅਰਿੰਗ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਜਿੱਥੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਏ ਗਏ, ਉੱਥੇ ਹੀ 13 ਨਵੰਬਰ ਤੋਂ ਸੰਗਰੂਰ ਵਿਖੇ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਨਾਲ ਸ਼ਮੂਲੀਅਤ ਕਰਨ ਦਾ ਅਹਿਮ ਫੈਸਲਾ ਵੀ ਕੀਤਾ ਗਿਆ।
ਮੀਟਿੰਗ ਦੌਰਾਨ ਸੇਵਾਮੁਕਤ ਸੁਪਰਡੈਂਟ ਅਤੇ ਪੀ.ਐੱਸ.ਐੱਮ.ਐੱਸ.ਯੂ. ਜ਼ਿਲ੍ਹਾ ਪਠਾਨਕੋਟ ਦੇ ਲੰਮੇ ਸਮੇਂ ਤੱਕ ਪ੍ਰਧਾਨ ਰਹੇ ਗੁਰਨਾਮ ਸਿੰਘ ਸੈਣੀ, ਮਾਸਟਰ ਹਰਦੇਵ ਸਿੰਘ ਅਤੇ ਸਲਵਿੰਦਰ ਕੁਮਾਰ ਵੱਲੋਂ ਪੈਨਸ਼ਨਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਨਰੇਸ਼ ਕੁਮਾਰ ਨੇ ਕਿਹਾ ਕਿ ਗੁਰਨਾਮ ਸਿੰਘ ਸੈਣੀ ਵਰਗੇ ਤਜਰਬੇਕਾਰ ਅਤੇ ਸੰਘਰਸ਼ਸ਼ੀਲ ਆਗੂ ਦੇ ਐਸੋਸੀਏਸ਼ਨ ਵਿੱਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਪੀ.ਐੱਸ.ਐੱਮ.ਐੱਸ.ਯੂ. ਵਿੱਚ ਲੰਮਾ ਸਮਾਂ ਕੰਮ ਕਰਨ ਦਾ ਉਨ੍ਹਾਂ ਦਾ ਤਜਰਬਾ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਕਰਨ ਦੀ ਭਾਵਨਾ ਐਸੋਸੀਏਸ਼ਨ ਲਈ ਵਡਮੁੱਲੀ ਸਾਬਤ ਹੋਵੇਗੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਸੈਣੀ, ਡਾ. ਲੇਖਰਾਜ, ਐਕਸੀਅਨ ਮਹੇਸ਼ ਦਾਸ, ਹਰੀਸ਼ ਸ਼ਰਮਾ, ਕੁਲਭੂਸ਼ਣ, ਰਾਜਕੁਮਾਰ ਅਤੇ ਸੁਖਵਿੰਦਰ ਸ਼ਰਮਾ ਨੇ ਕਿਹਾ ਕਿ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਆਪਣੇ ਹੱਕ ਪ੍ਰਾਪਤ ਕਰਨ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੀ.ਏ. ਦੀ ਤਿੰਨ ਫੀਸਦੀ ਕਿਸ਼ਤ ਜਾਰੀ ਕਰਨ ਨੂੰ ਤੋਹਫ਼ੇ ਵਜੋਂ ਪੇਸ਼ ਕਰਨਾ ਪੈਨਸ਼ਨਰਾਂ ਦੇ ਹੱਕਾਂ ਨਾਲ ਮਜ਼ਾਕ ਕਰਨ ਦੇ ਬਰਾਬਰ ਹੈ। ਬੁਲਾਰਿਆਂ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਹੱਕ ਹੈ, ਕੋਈ ਸਰਕਾਰੀ ਖੈਰਾਤ ਜਾਂ ਤੋਹਫ਼ਾ ਨਹੀਂ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦਾ ਅਜੇ ਵੀ 10 ਫੀਸਦੀ ਡੀ.ਏ. ਬਕਾਇਆ ਹੈ, ਜਿਸ ਨੂੰ ਸਰਕਾਰ ਬਿਨਾਂ ਕਿਸੇ ਹੋਰ ਦੇਰੀ ਦੇ ਤੁਰੰਤ ਜਾਰੀ ਕਰੇ।
ਆਗੂਆਂ ਨੇ ਮੰਗ ਕੀਤੀ ਕਿ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਫਿਕਸੇਸ਼ਨ ਲਈ 2.59 ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਮੈਡੀਕਲ ਭੱਤਾ ਵਧਾ ਕੇ 2,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਸਬੰਧੀ 17 ਜੁਲਾਈ 2020 ਦਾ ਪੱਤਰ ਵਾਪਸ ਲੈਣ, ਸਿਹਤ ਬੀਮਾ ਯੋਜਨਾ ਲਾਗੂ ਕਰਨ ਅਤੇ ਮੁਲਾਜ਼ਮ-ਪੈਨਸ਼ਨਰ ਸਾਂਝੇ ਫਰੰਟ ਦੇ ਆਗੂਆਂ ਨੂੰ ਮੀਟਿੰਗ ਲਈ ਤੁਰੰਤ ਸਮਾਂ ਦੇ ਕੇ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ।
ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਟਾਲਮਟੋਲ ਵਾਲੀ ਨੀਤੀ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਲੜੀ ਤਹਿਤ 13 ਨਵੰਬਰ ਤੋਂ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਲਗਾਏ ਜਾ ਰਹੇ ਪੱਕੇ ਮੋਰਚੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਧ ਤੋਂ ਵੱਧ ਪੈਨਸ਼ਨਰ 13 ਨਵੰਬਰ ਨੂੰ ਸੰਗਰੂਰ ਪਹੁੰਚ ਕੇ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ।
ਮੀਟਿੰਗ ਵਿੱਚ ਵਜ਼ੀਰ ਚੰਦ, ਦਿਲਬਾਗ ਰਾਏ, ਤਰਸੇਮ ਕੁਮਾਰ, ਗੁਰਮੀਤ ਸਿੰਘ, ਕ੍ਰਿਸ਼ਨ ਭਗਵਾਨ, ਜੋਗਿੰਦਰ ਪਾਲ, ਰਵੇਲ ਸਿੰਘ, ਓਮ ਪ੍ਰਕਾਸ਼, ਸ਼ਕਤੀ ਪ੍ਰਸ਼ਾਦ, ਮਹਿੰਦਰ ਪਾਲ, ਅਰਜਨ ਸਾਰਥੀ, ਬੰਸੀ ਲਾਲ, ਪੂਰਨ ਚੰਦ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।







