ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 21 ਨਵੰਬਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ (ਐਨ.ਆਈ.) ਐਕਟ ਦੀ ਧਾਰਾ 138 ਤਹਿਤ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਰੱਖਿਆ ਜਾਵੇਗਾ।
ਇਹ ਵਿਸ਼ੇਸ਼ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਲਗਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਾਰਾ 138 ਐਨ.ਆਈ. ਐਕਟ ਤਹਿਤ ਅਦਾਲਤਾਂ ਵਿੱਚ ਲੰਬਿਤ ਆਪਣੇ ਮਾਮਲਿਆਂ ਦਾ ਵਿਸ਼ੇਸ਼ ਲੋਕ ਅਦਾਲਤ ਰਾਹੀਂ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਦੇ ਆਧਾਰ ‘ਤੇ ਨਿਪਟਾਰਾ ਕਰਵਾਉਣ ਲਈ ਅੱਗੇ ਆਉਣ ਅਤੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕ ਅਦਾਲਤ ਵਿੱਚ ਆਪਸੀ ਸਹਿਮਤੀ ਨਾਲ ਲਿਆ ਗਿਆ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਵਿਰੁੱਧ ਕਿਸੇ ਹੋਰ ਅਦਾਲਤ ਵਿੱਚ ਅਪੀਲ ਕਰਨ ਦੀ ਕੋਈ ਵਿਵਸਥਾ ਨਹੀਂ ਹੁੰਦੀ। ਇਸ ਨਾਲ ਧਿਰਾਂ ਵਿਚਕਾਰ ਵਿਵਾਦ ਖ਼ਤਮ ਹੋਣ ਦੇ ਨਾਲ-ਨਾਲ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵੀ ਉਤਸ਼ਾਹ ਮਿਲਦਾ ਹੈ।







