ਅੰਮ੍ਰਿਤਸਰ/ਬਟਾਲਾ (ਅਵਿਨਾਸ਼ ਸ਼ਰਮਾ)
29 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਭਾਰਤੀ ਪੱਤਰਕਾਰ ਸੰਘ ਦਾ ਕੌਮੀ ਸਮਾਗਮ, ਦੇਸ਼ ਭਰ ਤੋਂ ਪੱਤਰਕਾਰ ਕਰਨਗੇ ਸ਼ਿਰਕਤ
: ਪੱਤਰਕਾਰਾਂ ਦੀ ਏਕਤਾ,ਪ੍ਰੈੱਸ ਦੀ ਆਜ਼ਾਦੀ, ਪੱਤਰਕਾਰ ਭਾਈਚਾਰੇ ਦੇ ਹੱਕਾਂ ਅਤੇ ਭਲਾਈ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਯੂਨੀਵਰਸਲ ਜਰਨਲਿਸਟ ਯੂਨੀਅਨ (ਸੋਸਾਇਟੀ) ਵੱਲੋਂ 28 ਤੋਂ 30 ਨਵੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਾਰਤੀ ਪੱਤਰਕਾਰ ਸੰਘ (IJU) ਦੀ ਕੌਮੀ ਕਾਰਜਕਾਰਨੀ ਕਮੇਟੀ (NEC) ਦਾ ਤਿੰਨ ਰੋਜ਼ਾ ਕੌਮੀ ਸੰਮੇਲਨ-2026 ਕਰਵਾਇਆ ਜਾ ਰਿਹਾ ਹੈ। ਇਸ ਮਹੱਤਵਪੂਰਨ ਸੰਮੇਲਨ ਦਾ ਉਦਘਾਟਨ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ।
ਸੰਮੇਲਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਰਕਤ ਕਰਨਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਕਰਨਗੇ। ਇਸ ਕੌਮੀ ਇਕੱਤਰਤਾ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਪੱਤਰਕਾਰ ਆਗੂ, ਪ੍ਰਤੀਨਿਧੀ ਅਤੇ ਪੱਤਰਕਾਰਤਾ ਨਾਲ ਜੁੜੀਆਂ ਸ਼ਖ਼ਸੀਅਤਾਂ ਸ਼ਾਮਲ ਹੋ ਕੇ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ, ਪ੍ਰੈੱਸ ਦੀ ਆਜ਼ਾਦੀ ਅਤੇ ਪੱਤਰਕਾਰ ਭਾਈਚਾਰੇ ਦੇ ਹਿੱਤਾਂ ਸਬੰਧੀ ਵਿਚਾਰ-ਵਟਾਂਦਰਾ ਕਰਨਗੀਆਂ।
ਪ੍ਰਾਪਤ ਪ੍ਰੋਗਰਾਮ ਅਨੁਸਾਰ 28 ਨਵੰਬਰ ਨੂੰ ਬਾਹਰੋਂ ਆਉਣ ਵਾਲੇ ਮਹਿਮਾਨਾਂ ਦਾ ਸਵਾਗਤ ਕੀਤਾ ਜਾਵੇਗਾ। 29 ਨਵੰਬਰ ਨੂੰ ਸਵੇਰੇ 10 ਵਜੇ ਉਦਘਾਟਨੀ ਸਮਾਰੋਹ ਹੋਵੇਗਾ, ਜਿਸ ਦੌਰਾਨ ਮੁੱਖ ਮੰਤਰੀ ਪੰਜਾਬ ਦਾ ਮੁੱਖ ਸੰਬੋਧਨ ਅਤੇ ਉਦਘਾਟਨੀ ਪੂਰਾ ਸੈਸ਼ਨ ਹੋਵੇਗਾ। ਇਸੇ ਤਰ੍ਹਾਂ 30 ਨਵੰਬਰ ਨੂੰ ਸੰਮੇਲਨ ਦੇ ਆਖ਼ਰੀ ਦਿਨ ਵੱਖ-ਵੱਖ ਪ੍ਰਸਤਾਵਾਂ ਨੂੰ ਪ੍ਰਵਾਨਗੀ ਦੇਣ ਉਪਰੰਤ ਸਮਾਪਤੀ ਸੈਸ਼ਨ ਕਰਵਾਇਆ ਜਾਵੇਗਾ ਅਤੇ ਮਹਿਮਾਨਾਂ ਨੂੰ ਅੰਮ੍ਰਿਤਸਰ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਦੇ ਦਰਸ਼ਨ ਵੀ ਕਰਵਾਏ ਜਾਣਗੇ।
ਸੰਘ ਦੇ ਕੌਮੀ ਆਗੂਆਂ ਨੇ ਕਿਹਾ ਕਿ ਇਹ ਸੰਮੇਲਨ ਸਿਰਫ਼ ਇੱਕ ਰਸਮੀ ਇਕੱਤਰਤਾ ਨਹੀਂ, ਸਗੋਂ ਪੱਤਰਕਾਰਾਂ ਦੀ ਆਵਾਜ਼ ਨੂੰ ਬੁਲੰਦ ਕਰਨ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਅਤੇ ਲੋਕਤੰਤਰ ਦੇ ਚੌਥੇ ਥੰਮ੍ਹ ਪ੍ਰੈੱਸ ਦੀ ਆਜ਼ਾਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਮੰਚ ਸਾਬਤ ਹੋਵੇਗਾ। ਉਨ੍ਹਾਂ ਦੇਸ਼ ਭਰ ਦੇ ਪੱਤਰਕਾਰਾਂ ਨੂੰ ਇਸ ਕੌਮੀ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਭਾਰਤੀ ਪੱਤਰਕਾਰ ਸੰਘ ਦੇ ਕੌਮੀ ਪ੍ਰਧਾਨ ਸ੍ਰੀ ਕੇ.ਬੀ. ਪੰਡਿਤ ਅਤੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਸਮੂਹ ਪੱਤਰਕਾਰਾਂ ਨੂੰ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੱਤਰਕਾਰਾਂ ਦੀ ਏਕਤਾ ਅਤੇ ਉਨ੍ਹਾਂ ਦੀ ਭਲਾਈ ਲਈ ਅਜਿਹੇ ਕੌਮੀ ਮੰਚ ਸਮੇਂ ਦੀ ਅਹਿਮ ਲੋੜ ਹਨ।







