ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਅਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ
ਬਟਾਲਾ, 20 ਮਈ ( ਅਵਿਨਾਸ਼ ਸ਼ਰਮਾ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਨਗਰ ਨਿਗਮ ਬਟਾਲਾ, ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਟਾਲਾ ਸ਼ਹਿਰ ਵਿੱਚ 3 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰੀ ਡੇਹਰਾ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਅਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਬਣਾਉਣ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲ ਨਾ ਆਵੇ।
ਡਿਪਟੀ ਕਮਿਸ਼ਨਰ ਅੱਜ ਜ਼ੂਮ ਮੀਟਿੰਗ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਅਧਿਕਾਰੀਆਂ ਕੋਲੋਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਕਿਹਾ ਕਿ ਵਿਆਹ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ। ਮੀਟਿੰਗ ਦੌਰਾਨ ਸੀਵਰੇਜ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਰੋਡ ਦੇ ਸੀਵਰੇਜ ਦਾ ਕੰਮ 15 ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਵੱਲੋਂ ਸੜਕ ਬਣਾਉਣ ਦੀ ਕਾਰਵਾਈ ਅਰੰਭੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁੱਸਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਧਾਰਮਿਕ ਅਸਥਾਨਾਂ ਦੇ ਨਜ਼ਦੀਕ ਕੂੜੇ ਦੇ ਢੇਰ ਬਿਲਕੁਲ ਨਾ ਲੱਗਣ। ਇਸਦੇ ਨਾਲ ਹੀ ਉਨ੍ਹਾਂ ਸ਼ਹਿਰ ਵਿੱਚ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਤੁਰੰਤ ਠੀਕ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਸਾਰੇ ਵਿਰਾਸਤੀ ਗੇਟਾਂ ਉੱਪਰੋਂ ਇਸ਼ਤਿਹਾਰ ਅਤੇ ਹੋਰਡਿੰਗਜ਼ ਤੁਰੰਤ ਹਟਾਏ ਜਾਣ ਅਤੇ ਜੇਕਰ ਭਵਿੱਖ ਵਿੱਚ ਕੋਈ ਵੀ ਵਿਅਕਤੀ ਇਨ੍ਹਾਂ ਗੇਟਾਂ ਉੱਪਰ ਇਸ਼ਤਿਹਾਰ ਜਾਂ ਹੋਰਡਿੰਗਜ਼ ਲਗਾਉਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਜ਼ੁਰਮਾਨਾਂ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਵਿਆਹ ਪੁਰਬ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਅਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਵਕਫ਼ੇ ਬਾਅਦ ਕਾਰਜਾਂ ਦੀ ਪ੍ਰਗਤੀ ਦਾ ਮੁੜ ਰੀਵਿਊ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਬੀਤੇ ਦਿਨੀਂ ਬਟਾਲਾ ਦੌਰੇ ’ਤੇ ਆਏ ਸੂਬੇ ਦੇ ਸੈਰ ਸਪਾਟਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਵਿਆਹ ਪੁਰਬ ਤੋਂ ਪਹਿਲਾਂ ਸ਼ਹਿਰ ਦੇ ਜਰੂਰੀ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ। ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕਿਹਾ ਸੀ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਹਿ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।








