ਨਵੀਂ ਦਿੱਲੀ 17 ਦਸੰਬਰ : ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਠੇ ਲੜਨ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਣ ਦਿੱਲੀ ਪੁੱਜੇ ਸਨ। ਇਸ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਗਿਆ ਹੈ। ਦੋਵਾਂ ਸਿਆਸੀ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ‘ਤੇ ਜਲਦ ਹੀ ਫੈਸਲਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਲੰਬੇ ਸਮੇਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕੈਪਟਨ ਅਤੇ ਭਾਜਪਾ ਇਸ ਚੋਣ ਵਿੱਚ ਇਕੱਠੇ ਮੈਦਾਨ ਵਿੱਚ ਉਤਰਨਗੇ। ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਹੀ ਭਾਜਪਾ ਆਗੂਆਂ ਨੂੰ ਮਿਲਣ ਲਈ ਦਿੱਲੀ ਪੁੱਜੇ ਸਨ। ਭਾਜਪਾ ਨੇਤਾ ਗਜੇਂਦਰ ਸ਼ੇਖਾਵਤ ਨੇ ਵੀ ਕਿਹਾ ਹੈ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਮਿਲ ਕੇ ਚੋਣਾਂ ਲੜਨਗੇ। ਕੇਂਦਰੀ ਮੰਤਰੀ ਨੇ ਕਿਹਾ, ”ਅੱਜ ਦੀ ਗੱਲਬਾਤ ਤੋਂ ਬਾਅਦ ਮੈਂ ਕਹਿ ਸਕਦਾ ਹਾਂ ਕਿ ਇਹ ਤੈਅ ਹੈ ਕਿ ਅਸੀਂ ਮਿਲ ਕੇ ਚੋਣਾਂ ਲੜਾਂਗੇ। ਸੀਟ ਵੰਡ ਬਾਰੇ ਸਮੇਂ ਸਿਰ ਸੂਚਿਤ ਕਰ ਦਿੱਤਾ ਜਾਵੇਗਾ।”