ਗੜ੍ਹਦੀਵਾਲਾ 16 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਹਿਲਾ ਸਸ਼ਕਤੀਕਰਨ ਸੈੱਲ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਸੈੱਲ ਵੱਲੋਂ ਆਈ.ਕਿਊ.ਏ.ਸੀ.ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ “ਛੋਟੇ ਕਦਮ, ਵੱਡਾ ਪ੍ਰਭਾਵ: ਆਓ ਮਿਲ ਕੇ ਕੈਂਸਰ ਤੋਂ ਬਚਾਅ ਕਰੀਏ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੈਪੀਟਲ ਹਸਪਤਾਲ, ਜਲੰਧਰ ਤੋਂ ਸੀਨੀਅਰ ਕੰਸਲਟੈਂਟ ਰੇਡੀਏਸ਼ਨ ਓਨਕੋਲੋਜਿਸਟ ਡਾ. ਪ੍ਰੀਤੀ ਨੇਗੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਏ.ਐੱਸ. ਕਪੂਰ, ਸੇਲਜ਼ ਐਂਡ ਮਾਰਕੀਟਿੰਗ ਹੈੱਡ, ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਆਪਣੇ ਸੰਬੋਧਨ ਦੌਰਾਨ ਡਾ. ਪ੍ਰੀਤੀ ਨੇਗੀ ਨੇ ਕੈਂਸਰ ਦੇ ਮੁੱਢਲੇ ਲੱਛਣਾਂ, ਇਸ ਦੇ ਸੰਭਾਵੀ ਕਾਰਨਾਂ, ਸਮੇਂ ਸਿਰ ਜਾਂਚ ਅਤੇ ਰੋਕਥਾਮ ਦੇ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਨਜਿੱਠਣ ਲਈ ਜਾਗਰੂਕਤਾ, ਨਿਯਮਿਤ ਸਿਹਤ ਜਾਂਚ ਅਤੇ ਸਮੇਂ ਸਿਰ ਇਲਾਜ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਕਿਸੇ ਵੀ ਅਸਧਾਰਨ ਲੱਛਣ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਲੋੜ ਪੈਣ ’ਤੇ ਮਾਹਿਰ ਡਾਕਟਰ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਿਹਤ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਅਤੇ ਬਿਮਾਰੀਆਂ ਦੀ ਰੋਕਥਾਮ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨਾ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।







