ਹੁਸ਼ਿਆਰਪੁਰ 13 ਨਵੰਬਰ (ਚੌਧਰੀ)
ਆਨਲਾਈਨ ਸਵੈ-ਗਣਨਾ ਲਈ ਨਗਰ ਨਿਗਮ ਦਫ਼ਤਰ ਦੇ ਕਮਰਾ ਨੰਬਰ 27-ਏ ‘ਚ ਵਿਸ਼ੇਸ਼ ਹੈਲਪਡੈਸਕ ਸਥਾਪਤ
: ਜਨਗਣਨਾ-2027 ਤਹਿਤ ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਅੰਦਰ ਰਹਿਣ ਵਾਲੇ ਨਾਗਰਿਕਾਂ ਲਈ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਨਲਾਈਨ ਸਵੈ-ਗਣਨਾ (ਸੈਲਫ਼ ਇਨਿਊਮਰੇਸ਼ਨ) ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਿਰਧਾਰਤ ਸਮੇਂ ਦੇ ਅੰਦਰ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਦਰਜ ਕਰਵਾਉਣ।
ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਵੈੱਬ ਪੋਰਟਲ ਜਾਂ ਮੋਬਾਈਲ ਐਪਲੀਕੇਸ਼ਨ ਰਾਹੀਂ ਆਪਣੇ ਪਰਿਵਾਰ ਅਤੇ ਨਿੱਜੀ ਵੇਰਵੇ ਆਸਾਨੀ ਨਾਲ ਦਰਜ ਅਤੇ ਤਸਦੀਕ ਕਰ ਸਕਣਗੇ। ਇਸ ਪਹਿਲਕਦਮੀ ਦਾ ਉਦੇਸ਼ ਜਨਗਣਨਾ ਲਈ ਸਹੀ ਅਤੇ ਮੁਕੰਮਲ ਅੰਕੜੇ ਇਕੱਠੇ ਕਰਨਾ ਹੈ, ਤਾਂ ਜੋ ਭਵਿੱਖ ਵਿੱਚ ਸ਼ਹਿਰ ਦੀ ਬਿਹਤਰ ਯੋਜਨਾਬੰਦੀ ਕਰਨ ਅਤੇ ਨਾਗਰਿਕਾਂ ਨੂੰ ਸਹੂਲਤਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਮਦਦ ਮਿਲ ਸਕੇ।
ਕਮਿਸ਼ਨਰ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਆਨਲਾਈਨ ਫਾਰਮ ਭਰਨ ਤੋਂ ਪਹਿਲਾਂ ਉਹ ਆਪਣੇ ਘਰ ਨਾਲ ਸਬੰਧਤ ਮੁੱਢਲੇ ਵੇਰਵੇ, ਪਛਾਣ ਪੱਤਰ ਅਤੇ ਪਰਿਵਾਰਕ ਮੈਂਬਰਾਂ ਦੀ ਲੋੜੀਂਦੀ ਜਾਣਕਾਰੀ ਤਿਆਰ ਰੱਖਣ। ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪ੍ਰਾਪਤ ਹੋਣ ਵਾਲੀ ਸੈਲਫ਼ ਇਨਿਊਮਰੇਸ਼ਨ ਰੈਫਰੈਂਸ ਆਈਡੀ ਜਾਂ ਰਸੀਦ ਨੂੰ ਸੰਭਾਲ ਕੇ ਰੱਖਿਆ ਜਾਵੇ, ਤਾਂ ਜੋ ਅਗਲੇ ਪੜਾਅ ਦੌਰਾਨ ਘਰ-ਘਰ ਤਸਦੀਕ ਲਈ ਆਉਣ ਵਾਲੇ ਗਣਨਾਕਾਰ ਨੂੰ ਇਹ ਦਿਖਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਨੂੰ ਆਨਲਾਈਨ ਪ੍ਰਕਿਰਿਆ ਦੌਰਾਨ ਤਕਨੀਕੀ ਮੁਸ਼ਕਲ ਆਉਂਦੀ ਹੈ ਜਾਂ ਜਿਨ੍ਹਾਂ ਕੋਲ ਇੰਟਰਨੈੱਟ ਦੀ ਸਹੂਲਤ ਉਪਲਬਧ ਨਹੀਂ ਹੈ, ਉਨ੍ਹਾਂ ਦੀ ਸਹਾਇਤਾ ਲਈ ਨਗਰ ਨਿਗਮ ਦਫ਼ਤਰ ਦੇ ਕਮਰਾ ਨੰਬਰ 27-ਏ ਵਿੱਚ ਵਿਸ਼ੇਸ਼ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ। ਇੱਥੇ ਕੰਮਕਾਜ ਵਾਲੇ ਦਿਨਾਂ ਦੌਰਾਨ ਨਾਗਰਿਕਾਂ ਨੂੰ ਮੁਫ਼ਤ ਮਾਰਗਦਰਸ਼ਨ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ ਅਤੇ ਲੋੜੀਂਦੇ ਵੇਰਵੇ ਇਕੱਠੇ ਕਰਨਗੇ।
ਪ੍ਰੀਤਇੰਦਰ ਸਿੰਘ ਬੈਂਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਨਿਰਧਾਰਤ ਸਮੇਂ ਦੇ ਅੰਦਰ ਸਹੀ ਤੇ ਮੁਕੰਮਲ ਜਾਣਕਾਰੀ ਦੇ ਨਾਲ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ।







