ਹੁਸ਼ਿਆਰਪੁਰ, 6 ਮਾਰਚ (ਬਿਊਰੋ)
–ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਅਧਿਕਾਰੀਆਂ ਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 12 ਮਾਰਚ ਨੂੰ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮਿਲਣੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੂਰੇ ਸੂਬੇ ਵਿਚ ਵਪਾਰੀਆਂ ਨਾਲ ਮਿਲਣੀ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਮੁਕੇਰੀਆਂ ਤੋਂ ਕੀਤੀ ਸੀ ਅਤੇ 12 ਮਾਰਚ ਨੂੰ ਉਹ ਜ਼ਿਲ੍ਹੇ ਵਿਚ ਦੂਜੀ ਵਾਰ ਸਰਕਾਰ-ਵਪਾਰ ਮਿਲਣੀ ਲਈ ਆ ਰਹੇ ਹਨ। ਉਨ੍ਹਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਾਰੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਵਾਉਣ ਸਬੰਧੀ ਸੁਝਾਅ ਲਏ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ, ਚੇਅਰਮੈਨ ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਵਿਕਰਮ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਪ੍ਰੀਤ ਇੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ ਕਿ ਮੁੱਖ ਮੰਤਰੀ ਪੰਜਾਬ ਵਪਾਰੀਆਂ ਨੂੰ ਮਿਲਣ ਲਈ ਜ਼ਿਲ੍ਹੇ ਵਿਚ ਦੂਜੀ ਵਾਰ ਆ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪ੍ਰੋਗਰਾਮ ਦੀ ਸਫ਼ਲਤਾ ਲਈ ਕੋਈ ਕਮੀ ਨਾ ਛੱਡੀ ਜਾਵੇ ਅਤੇ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ। ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸੁਰੱਖਿਆ ਤੇ ਟੈ੍ਰਫਿਕ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।