ਗੜ੍ਹਦੀਵਾਲਾ 10 ਅਗਸਤ (ਚੌਧਰੀ / ਪ੍ਰਦੀਪ ਕੁਮਾਰ )
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚੇ ਸਿਵਲ ਸਰਵਿਸ ਕੋਚਿੰਗ ਅਕੈਡਮੀ ਦੇ ਸਹਿਯੋਗ ਨਾਲ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਚੋਣ ਲਈ ਸਕਰੀਨਿੰਗ ਟੈਸਟ 10 ਅਗਸਤ, 2026 ਨੂੰ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ। ਇਸ ਸਕਰੀਨਿੰਗ ਟੈਸਟ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਿਤ ਤੇ ਤਿਆਰ ਕਰਨਾ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੀ ਕੰਪੀਟੀਟਿਵ ਇਮਤਿਹਾਨ ਦੀ ਤਿਆਰੀ ਦੀ ਯਾਤਰਾ ਦਾ ਪਹਿਲਾ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਸਮਰੱਥਾ ਨੂੰ ਪਛਾਣਨ ਅਤੇ ਭਵਿੱਖ ਵਿੱਚ ਸਫਲਤਾ ਹਾਸਲ ਕਰਨ ਲਈ ਵਧੀਆ ਮੌਕੇ ਪ੍ਰਦਾਨ ਕਰਦੇ ਹਨ।








