ਬਟਾਲਾ, 12 ਨਵੰਬਰ (ਅਵਿਨਾਸ਼ ਸ਼ਰਮਾ)
08 ਨਾਜਾਇਜ਼ ਪਿਸਤੌਲ, 1.970 ਕਿਲੋਗ੍ਰਾਮ ਹੈਰੋਇਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ; ਤਿੰਨ ਮੁਲਜ਼ਮ ਗ੍ਰਿਫ਼ਤਾਰ
: ਬਟਾਲਾ ਪੁਲਿਸ ਨੇ ਸੰਗਠਿਤ ਅਪਰਾਧ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਕਾਰਵਾਈਆਂ ਵਿੱਚ ਕੁੱਲ 08 ਨਾਜਾਇਜ਼ ਪਿਸਤੌਲ, 1.970 ਕਿਲੋਗ੍ਰਾਮ ਹੈਰੋਇਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪਹਿਲੀ ਕਾਰਵਾਈ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਦੂਜੀ ਕਾਰਵਾਈ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਕੀਤੀ ਗਈ।
ਅੱਜ ਪੁਲਿਸ ਲਾਈਨ ਬਟਾਲਾ ਵਿਖੇ ਖਚਾਖਚ ਭਰੇ ਪ੍ਰੈੱਸ ਕਾਨਫਰੰਸ ਹਾਲ ਵਿੱਚ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਕਾਰਵਾਈਆਂ ਦਾ ਵਿਸਥਾਰਪੂਰਵਕ ਖੁਲਾਸਾ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਡਾ. ਮੇਹਤਾਬ ਸਿੰਘ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
ਪੁਲਿਸ ਅਨੁਸਾਰ ਪਹਿਲੀ ਕਾਰਵਾਈ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਦਰਜ ਐੱਫ.ਆਈ.ਆਰ. ਨੰਬਰ 288 ਦੀ ਜਾਂਚ ਨਾਲ ਸਬੰਧਤ ਹੈ। 19 ਸਤੰਬਰ ਨੂੰ ਤੜਕਸਾਰ ਗਾਂਧੀ ਕੈਂਪ ਵਿਖੇ ਇੱਕ ਘਰ ਦੇ ਗੇਟ ’ਤੇ ਹੋਈ ਫਾਇਰਿੰਗ ਦੌਰਾਨ ਇੱਕ ਮਹਿਲਾ ਜ਼ਖ਼ਮੀ ਹੋ ਗਈ ਸੀ। ਇਸ ਮਾਮਲੇ ਵਿੱਚ ਵਿਸ਼ਾਲ ਉਰਫ਼ ਸ਼ਾਲੂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ। ਇਸ ਤੋਂ ਬਾਅਦ 11 ਨਵੰਬਰ ਨੂੰ ਤਕਨੀਕੀ ਅਤੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮ ਨੇ ਕਪੂਰਥਲਾ ਤੋਂ ਸਾਜਨ ਉਰਫ਼ ਲੋਂਡਾ, ਲਵ ਉਰਫ਼ ਬੀਂਡਾ ਅਤੇ ਸਵਾਰ ਉਰਫ਼ ਸਾਬਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 05 ਨਾਜਾਇਜ਼ ਪਿਸਤੌਲ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਜਾਂਚ ਵਿੱਚ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਅਤੇ ਮੁਲਜ਼ਮ ਸਾਜਨ ਉਰਫ਼ ਲੋਂਡਾ ਵਿਚਕਾਰ ਲੰਬੇ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਸ਼ਿਕਾਇਤਕਰਤਾ ਦੇ ਸਾਲੇ ਰਾਹੁਲ ਦਾਤਾਰ ਦੀ ਵੀ ਸਾਜਨ ਨਾਲ ਦੁਸ਼ਮਣੀ ਸੀ। ਪੁਲਿਸ ਅਨੁਸਾਰ 3 ਜੁਲਾਈ 2026 ਨੂੰ ਰਾਤ ਸਮੇਂ ਰਾਹੁਲ ਦਾਤਾਰ ਦੇ ਘਰ ’ਤੇ ਵੀ ਕਥਿਤ ਤੌਰ ’ਤੇ ਫਾਇਰਿੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਮਾਮਲਾ ਦਰਜ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਤਿੰਨਾਂ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਹਨ। ਪੁਲਿਸ ਇਨ੍ਹਾਂ ਦੇ ਹੋਰ ਅਪਰਾਧਿਕ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।
ਬੀ.ਐੱਸ.ਐੱਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹੈਰੋਇਨ ਤੇ ਹਥਿਆਰ ਬਰਾਮਦ
ਦੂਜੀ ਅਹਿਮ ਕਾਰਵਾਈ ਦੌਰਾਨ ਬਟਾਲਾ ਪੁਲਿਸ ਨੇ ਬੀ.ਐੱਸ.ਐੱਫ. ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਵਿਰੁੱਧ ਕਾਰਵਾਈ ਕਰਦਿਆਂ 03 ਪਿਸਤੌਲ, 1.970 ਕਿਲੋਗ੍ਰਾਮ ਹੈਰੋਇਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਕਾਰਵਾਈ ਨੂੰ ਸਰਹੱਦੀ ਇਲਾਕੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਰੋਕਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਇਸ ਪੂਰੀ ਮੁਹਿੰਮ ਦੀ ਅਗਵਾਈ ਐੱਸ.ਐੱਸ.ਪੀ. ਡਾ. ਮੇਹਤਾਬ ਸਿੰਘ ਦੀ ਦੇਖ-ਰੇਖ ਹੇਠ ਕੀਤੀ ਗਈ। ਇਸ ਵਿੱਚ ਐੱਸ.ਪੀ.-ਪੀ.ਬੀ.ਆਈ. ਨਵਜੋਤ ਸਿੰਘ, ਡੀ.ਐੱਸ.ਪੀ. ਸੁਖਵਿੰਦਰ ਸਿੰਘ, ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਅਤੇ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ. ਐੱਸ.ਆਈ. ਲਖਵਿੰਦਰ ਸਿੰਘ ਸਮੇਤ ਪੁਲਿਸ ਟੀਮਾਂ ਨੇ ਅਹਿਮ ਭੂਮਿਕਾ ਨਿਭਾਈ।
ਪੁਲਿਸ ਵੱਲੋਂ ਹੁਣ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।







