ਹੁਸ਼ਿਆਰਪੁਰ, 24 ਜੂਨ (ਪ੍ਰਾਈਮ ਪੰਜਾਬ ਟਾਈਮਜ)
• ਡਿਪਟੀ ਕਮਿਸ਼ਨਰ ਨੇ ਫੌਜੀ ਅਧਿਕਾਰੀਆਂ ਦੀ ਮੌਜੂਦਗੀ ‘ਚ ਤਿਆਰੀਆਂ ਦਾ ਲਿਆ ਜਾਇਜ਼ਾ
• ਐੱਸ.ਡੀ.ਐੱਮ. ਤੇ ਰੈਵਨਿਊ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼
: ਸੰਭਾਵਿਤ ਹੜ੍ਹਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਐੱਸ.ਡੀ.ਐੱਮਜ਼ ਅਤੇ ਰੈਵਨਿਊ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੈਸਟਰਨ ਕਮਾਂਡ ਤੋਂ ਲੈਫਟੀਨੈਂਟ ਕਰਨਲ ਐੱਸ.ਕੇ. ਕੁਲਕਰਨੀ ਅਤੇ ਮੇਜਰ ਰਿਤੇਸ਼ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਪਹਿਲਾਂ ਹੀ ਪੂਰੀ ਤਿਆਰੀ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਉਪਲਬੱਧਤਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਫੌਜ ਦਾ ਸਹਿਯੋਗ ਬਹੁਤ ਮਹੱਤਵਪੂਰਨ ਰਹੇਗਾ।
ਡਿਪਟੀ ਕਮਿਸ਼ਨਰ ਨੇ ਸਾਰੇ ਐੱਸ.ਡੀ.ਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲਾਈਫ ਜੈਕਟਾਂ, ਰੇਤ ਦੀਆਂ ਬੋਰੀਆਂ (ਸੈਂਡ ਬੈਗ), ਕਿਸ਼ਤੀਆਂ ਅਤੇ ਤਜ਼ੁਰਬੇਕਾਰ ਬੋਟਮੈਨ ਦੀ ਉਪਲਬੱਧਤਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਹੜ੍ਹ ਦਾ ਖ਼ਤਰਾ ਵੱਧ ਰਹਿੰਦਾ ਹੈ, ਉੱਥੇ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸਤਾਰ ਨਾਲ ਮੈਪਿੰਗ ਕੀਤੀ ਜਾਵੇ ਅਤੇ ਸੰਭਾਵਿਤ ਖ਼ਤਰੇ ਵਾਲੇ ਸਥਾਨਾਂ ਦੀ ਪਛਾਣ ਕਰਕੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਜਾਣ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬ-ਡਿਵੀਜ਼ਨ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਮਨੁੱਖੀ ਬਲ ਅਤੇ ਸਾਧਨਾਂ ਦੇ ਪ੍ਰਬੰਧ ਲਈ ਵੱਖ-ਵੱਖ ਇੰਚਾਰਜ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।
ਇਸ ਦੌਰਾਨ ਲੈਫਟੀਨੈਂਟ ਕਰਨਲ ਐੱਸ.ਕੇ. ਕੁਲਕਰਨੀ ਅਤੇ ਮੇਜਰ ਰਿਤੇਸ਼ ਨੇ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ਦੇ ਹਿਸਾਬ ਨਾਲ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋੜ ਪੈਣ ‘ਤੇ ਫੌਜ ਦੀਆਂ ਟੀਮਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਤੁਰੰਤ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਹਿਯੋਗ ਦੇਣਗੀਆਂ।
ਫੌਜੀ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਬੋਟ ਚਲਾਉਣ ਸਬੰਧੀ ਸਿਖਲਾਈ ਫੌਜ ਵੱਲੋਂ ਐੱਨ.ਡੀ.ਆਰ.ਐੱਫ. ਦੇ ਸਹਿਯੋਗ ਨਾਲ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਸੰਬੰਧਿਤ ਸਬ-ਡਿਵੀਜ਼ਨਾਂ ਦੇ ਐੱਸ.ਡੀ.ਐੱਮ. ਆਪਣੇ-ਆਪਣੇ ਖੇਤਰਾਂ ਤੋਂ ਸਿਖਲਾਈ ਲੈਣ ਵਾਲੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਕੇ ਫੌਜ ਨੂੰ ਮੁਹੱਈਆ ਕਰਵਾਉਣ, ਤਾਂ ਜੋ ਸਮੇਂ ਸਿਰ ਕਿਸ਼ਤੀ ਚਲਾਉਣ ਦੀ ਸਿਖਲਾਈ ਦਿੱਤੀ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧਿ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐੱਸ.ਡੀ.ਐੱਮ. ਦਸੂਹਾ ਕੰਵਲਜੀਤ ਸਿੰਘ, ਐੱਸ.ਡੀ.ਐੱਮ. ਮੁਕੇਰੀਆਂ ਜਯੋਤਸਨਾ, ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ, ਡੀ.ਆਰ.ਓ. ਅਮਨਦੀਪ ਚਾਵਲਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।








