ਹੁਸ਼ਿਆਰਪੁਰ (ਬਿਊਰੋ)
– ਵੀਡੀਓਗ੍ਰਾਫੀ ਰਾਹੀਂ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਜਾਰੀ ਕੀਤੇ ਗਏ ਲਾਇਸੰਸ
– ਜ਼ਿਲ੍ਹੇ ਵਿਚੋਂ 782 ਅਰਜ਼ੀਆਂ ਹੋਈਆਂ ਸਨ ਪ੍ਰਾਪਤ
2 ਨਵੰਬਰ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਇਸ ਸਾਲ ਦੀਵਾਲੀ ਦੇ ਤਿਉਹਾਰ ਦੌਰਾਨ ਪ੍ਰਚੂਨ ਵਿਚ ਪਟਾਖੇ ਵੇਚਣ ਲਈ ਡਰਾਅ ਰਾਹੀਂ ਜ਼ਿਲ੍ਹੇ ਵਿਚ 57 ਆਰਜ਼ੀ ਲਾਇਸੰਸ ਜਾਰੀ ਕੀਤੇ ਹਨ। ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪੂਰੀ ਡਰਾਅ ਪ੍ਰਕਿਰਿਆ ਵੀਡਿਓਗ੍ਰਾਫੀ ਰਾਹੀਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਪੂਰੇ ਜ਼ਿਲ੍ਹੇ ਵਿਚੋਂ 782 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਅੱਜ ਡਰਾਅ ਰਾਹੀਂ 57 ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਡਰਾਅ ਕੱਢਿਆ ਗਿਆ ਹੈ, ਉਨ੍ਹਾਂ ਲਈ ਟੈਕਸੇਸ਼ਨ ਵਿਭਾਗ ਵਿਚ ਜੀ.ਐਸ.ਟੀ ਨਾਲ ਸਬੰਧਤ ਕੈਜ਼ੂਅਲ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ, ਜਿਸ ਲਈ ਟੈਕਸੇਸ਼ਨ ਵਕੀਲਾਂ ਦਾ ਇਕ ਪੈਨਲ ਉਨ੍ਹਾਂ ਦੀ ਮਦਦ ਲਈ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਲਾਇਸੰਸ ਲਈ 13 ਅਰਜ਼ੀਆਂ ਹੋਰ ਜ਼ਿਲ੍ਹਿਆਂ ਤੋਂ ਵੀ ਆਈਆਂ ਸਨ, ਜੋ ਕਿ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹੋਣ ਕਰਕੇ ਰੱਦ ਕਰ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਆਰਜ਼ੀ ਲਾਇਸੰਸ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ ’ਤੇ ਹੀ ਪਟਾਕੇ ਵੇਚਣ ਲਈ ਜਾਰੀ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 22 ਸਤੰਬਰ 2023 ਨੂੰ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ, ਪਟਾਖੇ ਵੇਚਣ ਵਾਲੀਆਂ ਥਾਵਾਂ ‘ਤੇ ਸਟਾਲਾਂ ਦੀ ਬਣਤਰ ਅਤੇ ਸੁਰੱਖਿਆ ਨਿਯਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਦੋ ਥਾਵਾਂ ਬਲਾਕ ਸੰਮਤੀ ਸਟੇਡੀਅਮ ਦਸੂਹਾ ਅਤੇ ਕੋਟ ਫਤੂਹੀ ਦੀ ਬਿੰਜੋ ਰੋਡ ’ਤੇ ਖਾਲੀ ਪਈਆਂ ਥਾਵਾਂ ਲਈ ਕੋਈ ਅਰਜ਼ੀ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬਲਾਕ ਸੰਮਤੀ ਸਟੇਡੀਅਮ ਦਸੂਹਾ ਦੇ ਤਿੰਨ ਲਾਇਸੰਸਾਂ ਵਿਚੋਂ ਦੋ ਲਾਇਸੰਸ ਮਹਾਂਰਿਸ਼ੀ ਵਾਲਮੀਕਿ ਪਾਰਕ ਦਸੂਹਾ ਅਤੇ ਇਕ ਲਾਇਸੰਸ ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕੋਟ ਫਤੂਹੀ ਵਿਚ ਬਿੰਜੋ ਰੋਡ ’ਤੇ ਖਾਲੀ ਪਈ ਜਗ੍ਹਾ ਲਈ ਜਾਰੀ ਕੀਤੇ ਦੋ ਲਾਇਸੰਸਾਂ ਨੂੰ ਮਿਲਟਰੀ ਗਰਾਊਂਡ, ਗੜ੍ਹਸ਼ੰਕਰ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਟਾਖਾ ਵਿਕਰੇਤਾ ਆਰਜ਼ੀ ਲਾਇਸੰਸ ਅਤੇ ਨਿਰਧਾਰਤ ਥਾਵਾਂ ਤੋਂ ਬਾਹਰ ਪਟਾਖ਼ੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 4 ਤੋਂ 12 ਨਵੰਬਰ ਤੱਕ ਪਟਾਖੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।
- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਕੱਢੇ ਗਏ ਡਰਾਅ ਵਿਚ ਹੁਸ਼ਿਆਰਪੁਰ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਊਂਡ (ਨਵੀਂ ਆਬਾਦੀ) ਹੁਸ਼ਿਆਰਪੁਰ ਲਈ 14, ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ ਹੁਸ਼ਿਆਰਪੁਰ) ਲਈ 6, ਰੋਸ਼ਨ ਗਰਾਊਂਡ ਹੁਸ਼ਿਆਰਪੁਰ ਲਈ 2, ਰਾਮ ਲੀਲਾ ਗਰਾਊਂਡ ਹਰਿਆਣਾ ਲਈ 3, ਬੁੱਲੋਵਾਲ ਖੁੱਲ੍ਹੀ ਥਾਂ ਲਈ ਇਕ ਅਤੇ ਚੱਬੇਵਾਲ ਖੁੱਲ੍ਹੀ ਥਾਂ ਲਈ ਇਕ ਲਾਇਸੰਸ ਜਾਰੀ ਕੀਤਾ ਗਿਆ। ਸਬ-ਡਵੀਜ਼ਨ ਗੜ੍ਹਸ਼ੰਕਰ ਲਈ ਮਿਲਟਰੀ ਗਰਾਊਂਡ ਲਈ 6, ਮਾਹਿਲਪੁਰ ਫਗਵਾੜਾ ਰੋਡ ‘ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਲਕੀਅਤ ਵਾਲੀ ਜਗ੍ਹਾ ਲਈ 3 ਲਾਇਸੰਸ ਜਾਰੀ ਕੀਤੇ ਗਏ। ਸਬ-ਡਵੀਜ਼ਨ ਦਸੂਹਾ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ 4, ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਲਈ 3, ਖਾਲਸਾ ਕਾਲਜ ਗਰਾਊਂਡ ਗੜ੍ਹਦੀਵਾਲਾ ਲਈ 2, ਸ਼ਿਮਲਾ ਪਹਾੜੀ ਪਾਰਕ ਉੜਮੁੜ ਲਈ 3, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਟਾਂਡਾ ਦੀ ਗਰਾਊਂਡ ਲਈ 2 ਲਾਇਸੰਸ ਜਾਰੀ ਕੀਤੇ ਗਏ। ਇਸੇ ਤਰ੍ਹਾਂ ਮੁਕੇਰੀਆਂ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ 2, ਦੁਸਹਿਰਾ ਗਰਾਊਂਡ ਹਾਜੀਪੁਰ ਲਈ 2, ਨਰਸਰੀ ਗਰਾਊਂਡ ਸੈਕਟਰ 3 ਤਲਵਾੜਾ ਲਈ 2 ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ ਇਕ ਲਾਇਸੈਂਸ ਜਾਰੀ ਕੀਤਾ ਗਿਆ।
ਇਸ ਦੌਰਾਨ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮੇਂ ਅਨੁਸਾਰ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਹਦਾਇਤ ਕੀਤੀ ਕਿ ਇਸ ਨਿਰਧਾਰਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਦੀਵਾਲੀ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਤੋਂ ਸਵੇਰੇ 5 ਵਜੇ ਤੱਕ ਅਤੇ 25 ਦਸੰਬਰ ਨੂੰ ਕ੍ਰਿਸਮਸ ਅਤੇ 25 ਦਸੰਬਰ ਅਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ‘ਤੇ ਰਾਤ 11:55 ਤੋਂ ਰਾਤ 12:30 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ, ਇਲਾਕਾ ਮੈਜਿਸਟ੍ਰੇਟਾਂ, ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਇਨ੍ਹਾਂ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
—








