ਗੜ੍ਹਦੀਵਾਲਾ, 7 ਸਤੰਬਰ (ਚੌਧਰੀ )
ਅਧਿਆਪਕ ਦਿਵਸ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਦੇ ਕੇ ਮਨਾਇਆ
: ਗੜ੍ਹਦੀਵਾਲਾ ਨੇੜੇ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ.ਡੀ.ਓ. ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਅਧਿਆਪਕ ਦਿਵਸ ਦੀ ਖੁਸ਼ੀ ਨੂੰ ਵਾਤਾਵਰਨ ਸੰਭਾਲ ਨਾਲ ਜੋੜਦਿਆਂ ਵਿਸ਼ੇਸ਼ ਤੌਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ।
ਇਸ ਮੌਕੇ 5 ਸਤੰਬਰ ਨੂੰ ਜਨਮ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ. ਦਲਜੀਤ ਸਿੰਘ (ਪੰਜਾਬੀ) ਅਤੇ ਸਮੂਹ ਸਕੂਲ ਸਟਾਫ ਦੀ ਹਾਜ਼ਰੀ ਵਿੱਚ ਸਕੂਲ ਕੈਂਪਸ ਵਿਖੇ ਅੰਬ ਦਾ ਬੂਟਾ ਲਗਾ ਕੇ ਬੂਟੇ ਲਗਾਉਣ ਦਾ ਸਿਲਸਿਲਾ ਆਰੰਭ ਕੀਤਾ ਗਿਆ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ ਨੂੰ ਯਾਦਗਾਰ ਬਣਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਸ. ਦਲਜੀਤ ਸਿੰਘ (ਪੰਜਾਬੀ )ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਦਿਨ ਮੌਕੇ ਸਕੂਲ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ ਅਤੇ ਸਕੂਲਾਂ ਨੂੰ ਹਰਿਆ-ਭਰਿਆ ਬਣਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਲਗਾਏ ਗਏ ਬੂਟਿਆਂ ਦੀ ਪੂਰੇ ਸਾਲ ਨਿਰੰਤਰ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਸਟਾਫ ਨੇ ਕਿਹਾ ਕਿ ਅਧਿਆਪਕ ਦਿਵਸ ਮੌਕੇ ਰੁੱਖ ਲਗਾਉਣ ਦੀ ਇਹ ਪਹਿਲ ਵਿਦਿਆਰਥੀਆਂ ਵਿੱਚ ਕੁਦਰਤ ਪ੍ਰਤੀ ਪਿਆਰ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਇੱਕ ਸ਼ਲਾਘਾਯੋਗ ਕਦਮ ਹੈ।ਇਸ ਮੌਕੇ ਲੈਕ. ਦਿਨੇਸ਼ ਠਾਕੁਰ, ਲੈਕ. ਇੰਦਰਜੀਤ, ਲੈਕ. ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਜਗਮੋਹਣ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰਮਨਦੀਪ ਕੌਰ, ਰੇਖਾ ਦੇਵੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਅੰਮ੍ਰਿਤ ਜੋਤੀ, ਜਗਦੇਵ ਸਿੰਘ ਆਦਿ ਹਾਜ਼ਰ ਸਨ।







