ਜਨਤਾ ਨੂੰ ਸਮੇਂ ਸਿਰ ਨਾਗਰਿਕ ਸੇਵਾਵਾਂ ਦੇਣਾ ਬਣਾਇਆ ਜਾਵੇ ਯਕੀਨੀ : ਬ੍ਰਮ ਸ਼ੰਕਰ ਜਿੰਪਾ
–ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼
–ਨਸ਼ੇ ਦੇ ਖਾਤਮੇ,ਸਿਹਤ ਸੇਵਾਵਾਂ ’ਚ ਸੁਧਾਰ,ਅਣ-ਅਧਿਕਾਰਤ ਮਾਈਨਿੰਗ ’ਤੇ ਠੋਸ ਕਦਮ ਚੁੱਕਣ ਦੀ ਕੀਤੀ ਹਦਾਇਤ
–ਕਿਹਾ, ਜਨਤਾ ਦੇ ਵਿਸ਼ਵਾਸ ’ਤੇ ਖਰੇ ਉਤਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ
–ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣ ਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਕਿਹਾ
ਹੁਸ਼ਿਆਰਪੁਰ, 25 ਮਾਰਚ(ਬਿਊਰੋ) : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਨਤਾ ਨੂੰ ਸਮੇਂ ਸਿਰ ਨਾਗਰਿਕ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ। ਉਹ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਰੋੜੀ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਸ੍ਰੀ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਸ੍ਰੀ ਕਰਮਵੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਵੀ ਮੌਜੂਦ ਸਨ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਅਤੇ ਸਮੂਹ ਵਿਧਾਇਕਾਂ ਦਾ ਸਵਾਗਤ ਕੀਤਾ।
ਕੈਬਨਿਟ ਮੰਤਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਲੋਕਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਨਾਗਰਿਕ ਸੇਵਾਵਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੁੰਦਾ ਹੈ ਅਤੇ ਸਾਡੀ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਸ ’ਤੇ ਚੰਗੇ ਉਤਰੀਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ੇ ਦੇ ਖਾਤਮੇ, ਸਿਹਤ ਸੇਵਾਵਾਂ ਵਿਚ ਸੁਧਾਰ ਅਤੇ ਅਣ-ਅਧਿਕਾਰਤ ਮਾਈਨਿੰਗ ’ਤੇ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ, ਜਿਸ ਲਈ ਅਧਿਕਾਰੀ ਹੁਣ ਤੋਂ ਹੀ ਕੰਮ ’ਤੇ ਜੁੱਟ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਹਾਲ ਵਿਚ ਕਾਨੂੰਨ ਵਿਵਸਥਾ ਵਿਗੜਨ ਨਹੀਂ ਦਿੱਤੀ ਜਾਵੇਗੀ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਸੇਵਾ ਕੇਂਦਰਾਂ ਦੇ ਕੰਮਾਂ ਵਿਚ ਸੁਧਾਰ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਨਸ਼ੇ ’ਤੇ ਲਗਾਮ ਲਗਾਉਣ ਲਈ ਕੋਈ ਕਮੀ ਨਾ ਛੱਡੀ ਜਾਵੇ ਅਤੇ ਜੇ ਕੋਈ ਵੀ ਇਸ ਮਾਮਲੇ ਵਿਚ ਸ਼ਾਮਲ ਹੈ, ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਨੂੰ ਪੰਜਾਬ ਸਰਕਾਰ ਤੋਂ ਬਹੁਤ ਉਮੀਦ ਹੈ ਅਤੇ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਹੋਰ ਵਿਧਾਇਕਾਂ ਨੇ ਵੀ ਆਪਣੇ-ਆਪਣੇ ਖੇਤਰ ਦੀਆਂ ਸਮੱਸਿਆਵਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕੈਬਨਿਟ ਮੰਤਰੀ ਜੀ ਨੂੰ ਵਿਸ਼ਵਾਸ਼ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ ਅਤੇ ਮਾਨਯੋਗ ਮੁੱਖ ਮੰਤਰੀ ਦੀ ਵਿਜ਼ਨ ਨੂੰ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਲਾਗੂ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਅਰਵਿੰਦ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।








