ਗੜ੍ਹਦੀਵਾਲਾ 3 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ .ਜਸਪਾਲ ਸਿੰਘ ਦੀ ਅਗਵਾਈ ਵਿੱਚ ਅਰਥ ਸ਼ਾਸਤਰ ਵਿਭਾਗ ਵੱਲੋਂ ਵਿਦਿਆਰਥੀਆਂ ਲਈ ‘ਨੈਤਿਕ ਸਿੱਖਿਆ’ ਵਿਸ਼ੇ ’ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੌਰਾਨ ਮੁੱਖ ਵਕਤਾ ਦੀ ਭੂਮਿਕਾ ਡਾ. ਅਰਚਨਾ ਠਾਕੁਰ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਇਮਾਨਦਾਰੀ, ਅਨੁਸ਼ਾਸਨ, ਜ਼ਿੰਮੇਵਾਰੀ, ਸਹਿਣਸ਼ੀਲਤਾ ਅਤੇ ਦੂਜਿਆਂ ਪ੍ਰਤੀ ਸਤਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੈਤਿਕ ਸਿੱਖਿਆ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਹ ਵਿਦਿਆਰਥੀਆਂ ਨੂੰ ਇੱਕ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਚੰਗਾ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀ ਹੈ।
ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਸੱਚਾਈ, ਸਹਿਯੋਗ, ਮਨੁੱਖੀ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਲੈਕਚਰ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਚੇ ਨੈਤਿਕ ਮੁੱਲਾਂ ਦਾ ਵਿਕਾਸ .ਕਰਨਾ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਨਾ ਸੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਚੰਗੇ ਆਚਰਨ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਉਨ੍ਹਾ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਸਤਵੰਤ ਕੌਰ, ਮੈਡਮ ਜਸਪ੍ਰੀਤ ਕੌਰ, ਡਾ. ਰਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।







