ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਕਾਲਜ ਦੇ ਸਾਬਕਾ ਵਿਦਿਆਰਥੀ ਸ. ਹਰਦੀਪ ਸਿੰਘ ਢਿੱਲੋ ਨੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ। ਉਹਨਾਂ ਨੇ ਇਹ ਦਾਨ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮੱਦਦ ਲਈ ਕੀਤਾ। ਸ. ਹਰਦੀਪ ਸਿੰਘ ਢਿੱਲੋਂ ਨੇ ਸਿੱਖਿਆ ਦੇ ਖੇਤਰ ਵਿੱਚ ਕਾਲਜ ਦੀਆਂ ਉਪਲੱਭਦੀਆਂ ਨੂੰ ਦੇਖਦੇ ਹੋਏ ਕਿਹਾ ਕਿ ਪੇਂਡੂ ਖੇਤਰ ਦੇ ਇਲਾਕੇ ਦਾ ਇਹ ਕਾਲਜ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਹਮੇਸ਼ਾ ਹੀ ਯਤਨਸ਼ੀਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਕਾਲਜ ਤੋਂ ਪੜ੍ਹੇ ਵਿਦਿਆਰਥੀ ਉੱਚ ਅਹੁਦਿਆਂ ਤੇ ਵਿਰਾਜ ਮਾਨ ਸਮਾਜ ਦੇ ਸਾਰਥਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਕਾਲਜ ਦੇ ਸਾਬਕਾ ਵਿਦਿਆਰਥੀ ਲੋੜਵੰਦ ਤੇ ਗਰੀਬ ਵਿਦਿਆਰਥੀਆਂ ਨੂੰ ਸਮੇਂ-ਸਮੇਂ ਆਰਥਿਕ ਮਦਦ ਦਿੰਦੇ ਰਹਿੰਦੇ ਹਨ। ਉਹਨਾਂ ਨੇ ਆਸ ਪ੍ਰਗਟਾਈ ਕੇ ਆਉਣ ਵਾਲੇ ਸਮੇਂ ਵਿੱਚ ਵੀ ਸਾਬਕਾ ਵਿਦਿਆਰਥੀ ਕਾਲਜ ਨੂੰ ਇਸੇ ਤਰ੍ਹਾਂ ਆਰਥਿਕ ਸਹਾਇਤਾ ਦੇ ਕੇ ਕਾਲਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ. ਹਰਦੀਪ ਸਿੰਘ ਢਿੱਲੋਂ ਵੱਲੋਂ ਕੀਤੀ ਇਸ ਆਰਥਿਕ ਮੱਦਦ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਕੈਪਸ਼ਨ : ਸਰਦਾਰ ਹਰਦੀਪ ਸਿੰਘ ਢਿੱਲੋਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਭੇਂਟ ਕਰਦੇ ਹੋਏ








