ਗੜ੍ਹਦੀਵਾਲਾ 11 ਮਾਰਚ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਆਈ. ਕਿਊ. ਏ. ਸੀ. ਦੇ ਸਹਿਯੋਗ ਨਾਲ ‘ਖੋਜ ਕਾਰਜ ਵਿੱਚ ਪੁਸਤਕ ਸੂਚੀ ਦਾ ਮਹੱਤਵ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ ਨੇ ਵਿਦਿਆਰਥੀਆਂ ਨੂੰ ਖੋਜ ਕਾਰਜ ਕਰਦੇ ਸਮੇਂ ਪੁਸਤਕ ਸੂਚੀ ਦੇ ਮਹੱਤਵ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਖੋਜ ਕਾਰਜ ਕਰਦੇ ਸਮੇਂ ਪੁਸਤਕ ਸੂਚੀ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ ਤੇ ਇਸ ਤੋਂ ਬਿਨਾਂ ਖੋਜ਼ ਕਾਰਜ ਸੰਪੂਰਨ ਨਹੀਂ ਮੰਨਿਆ ਜਾਂਦਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਰਵਿੰਦਰ ਕੌਰ, ਸ. ਗੁਰਮੁਖ ਪ੍ਰੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।