ਗੜ੍ਹਦੀਵਾਲਾ 12 ਅਪ੍ਰੈਲ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਸਿਹਤ ਅਤੇ ਅਜੋਕੀ ਜੀਵਨ ਸ਼ੈਲੀ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਸ਼ੇਸ਼ ਲੈਕਚਰ ਵਿੱਚ ਹੈਲਥ ਆਫ਼ ਫਿੱਟਨੈੱਸ ਕਲੱਬ ਦਸੂਹਾ ਦੇ ਕੋਚ ਸ. ਸੁਖਬੀਰ ਸਿੰਘ ਨੇ ਅਜੋਕੇ ਰੁਝੇਵਿਆਂ ਅਤੇ ਤਣਾਅ ਭਰੇ ਸਮੇਂ ਵਿੱਚ ਮਨੁੱਖ ਨੂੰ ਦਰਪੇਸ਼ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਇਹਨਾਂ ਬਿਮਾਰੀਆਂ ਤੋਂ ਬਚਾਅ ਦੇ ਢੰਗ ਤਰੀਕਿਆਂ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਹੈਲਥ ਆਫ਼ ਫਿੱਟਨੈੱਸ ਕਲੱਬ ਦੇ ਮੈਂਬਰ ਸ੍ਰੀ ਸੰਜੀਵ ਕੁਮਾਰ ਨੇ ਅਜੋਕੇ ਸਮੇਂ ਵਿੱਚ ਵੱਧ ਰਹੀਆਂ ਬਿਮਾਰੀਆਂ ਦਾ ਕਾਰਨ ਅਸ਼ੁੱਧ ਭੋਜਨ, ਫਾਸਟ ਫੂਡ, ਕਸਰਤ ਦੀ ਘਾਟ ਅਤੇ ਹਾਰਡ ਵਰਕ ਦੀ ਥਾਂ ਸਮਾਰਟ ਵਰਕ ਦੱਸਦਿਆਂ ਕਿਹਾ ਕਿ ਸਾਨੂੰ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਆਪਣੀ ਜੀਵਨ ਸ਼ੈਲੀ ਵਿੱਚ ਬਦਲਾਅ ਲਿਆਉਣ ਦੀ ਜ਼ਰੂਰਤ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਹੈਲਥ ਆਫ਼ ਫਿੱਟਨੈੱਸ ਕਲੱਬ ਦੇ ਟੀਮ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।








