ਗੜ੍ਹਦੀਵਾਲਾ 12 ਸਤੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਧਾਰਮਿਕ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਜੀ ਦਾ ਪਾਠ ਕੀਤਾ ਗਿਆ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਰਸ-ਭਿੰਨੇ ਸ਼ਬਦ-ਕੀਰਤਨ ਦੁਆਰਾ ਸਮੂਹ ਸੰਗਤ ਦੀ ਬਾਣੀ ਨਾਲ ਸਾਂਝ ਪੁਆਈ। ਇਸ ਮੌਕੇ ਭਾਈ ਦਿਆਲ ਸਿੰਘ (ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਗੁਰੂ ਸਾਹਿਬਾਨ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਲਈ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਪਣੇ ਜੀਵਨ ਵਿੱਚ ਉਤਾਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ. ਹਰਬੰਸ ਸਿੰਘ (ਪ੍ਰਧਾਨ, ਸਿੰਘ ਸਭਾ ਗੁਰਦੁਆਰਾ, ਗੜ੍ਹਦੀਵਾਲਾ) ਸ. ਦਿਲਬਾਗ ਸਿੰਘ, ਸ. ਗੁਰਦੀਪ ਸਿੰਘ ਅਤੇ ਭਾਈ ਦਿਆਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਉਪਰੰਤ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਗੜ੍ਹਦੀਵਾਲਾ ਸ਼ਹਿਰ ਵਿੱਚ ਗੁਰਮਤਿ ਚੇਤਨਾ-ਮਾਰਚ ਕੱਢਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬਾਨ ਦੀ ਬਾਣੀ ਉਚਾਰਦਿਆਂ, ਸਤਿਨਾਮ ਸ੍ਰੀ ਵਾਹਿਗੁਰੂ ਜੀ ਦਾ ਜਾਪ ਕੀਤਾ। ਗੁਰਮਤਿ ਚੇਤਨਾ-ਮਾਰਚ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।