ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚਾਇਨਾ ਡੋਰ ਦੀ ਵਰਤੋਂ ਦਾ ਵਿਰੋਧ ਕੀਤਾ ਗਿਆ। ਲੋਹੜੀ ਦੇ ਤਿਉਹਾਰ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਗੜ੍ਹਦੀਵਾਲਾ ਦੇ ਇਲਾਕੇ ਦੇ ਘਰਾਂ ਵਿੱਚੋਂ ਪੁਰਾਣੀ ਚਾਇਨਾ ਡੋਰ ਨੂੰ ਇਕੱਠੀ ਕਰਕੇ ਅਗਨ ਭੇਂਟ ਕੀਤਾ ਗਿਆ। ਇਸ ਮੌਕੇ ਐੱਨ.ਐੱਸ.ਐੱਸ. ਯੂਨਿਟ ਦੇ ਅਫ਼ਸਰ ਸ਼੍ਰੀ ਸੁਖਵਿੰਦਰ ਕੁਮਾਰ ਨੇ ਕਿਹਾ ਕਿ ਚਾਇਨਾ ਡੋਰ ਮਨੁੱਖਤਾ, ਜੀਵ ਜੰਤੂਆਂ ਅਤੇ ਵਾਤਾਵਰਣ ਲਈ ਬਹੁਤ ਖ਼ਤਰਨਾਕ ਸਾਬਤ ਹੋ ਰਹੀ ਹੈ। ਇਸ ਦੀ ਵਰਤੋਂ ਰੋਜ਼ਾਨਾ ਵਿਅਕਤੀਆਂ ਅਤੇ ਜੀਵਾਂ ਦੀ ਮੌਤ ਦਾ ਕਾਰਨ ਬਣਦੀ ਹੈ। ਉਨ੍ਹਾਂ ਨੇ ਇਸ ਡੋਰ ਨੂੰ ਖਰੀਦਣ ਵੇਚਣ ਉੱਪਰ ਰੋਕ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਤੇ ਇਸ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।