ਗੜ੍ਹਦੀਵਾਲਾ 20 ਨਵੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਲੜਕਿਆਂ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਅੰਤਰ-ਕਾਲਜ ਕਬੱਡੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਜਿੱਤਿਆ। ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਮਿਹਨਤ, ਲਗਨ, ਅਨੁਸ਼ਾਸਨ, ਖੇਡ ਭਾਵਨਾ ਅਤੇ ਬਿਹਤਰੀਨ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਖੇਤਰ ਵਿੱਚ ਇੱਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ।ਇਸ ਜੇਤੂ ਟੀਮ ਦੀ ਅਗਵਾਈ ਕਪਤਾਨ ਜੈ ਸਿੰਘ ਨੇ ਕੀਤੀ, ਜਦਕਿ ਅਸ਼ਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿੱਚ ਹਰਪ੍ਰੀਤ ਸਿੰਘ, ਜਗਦੀਪ ਸਿੰਘ, ਜਸਕਰਨ ਸਿੰਘ,ਰਣਜੀਤ,ਮਨਮੀਤ ਸਿੰਘ,ਹਰਮਨਦੀਪ ਸਿੰਘ, ਜਸ਼ਨਪੀ੍ਤ ਸਿੰਘ,ਅਕੁਸ਼ ਵਿਸ਼ਿਸ਼ਟ,ਆਰੀਅਨ ਠਾਕੁਰ, ਅਭਿਸ਼ੇਕ ਕਪਿਲ ਅਤੇ ਅਗਨੂਰ ਸਿੰਘ ਵਿਰਦੀ ਸ਼ਾਮਲ ਸਨ। ਸਮੂਹ ਖਿਡਾਰੀਆਂ ਨੇ ਆਪਸੀ ਤਾਲਮੇਲ, ਇੱਕਜੁੱਟਤਾ ਅਤੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਇਹ ਮਾਣਮੱਤੀ ਪ੍ਰਾਪਤੀ ਦਿਵਾਈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦਾ ਰਹੇਗਾ।
ਕਾਲਜ ਪ੍ਰਬੰਧਕ ਕਮੇਟੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਵੱਲੋਂ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਜੇਤੂ ਖਿਡਾਰੀਆਂ ਅਤੇ ਕਾਲਜ ਦੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਪ੍ਰਾਪਤੀ ਲਈ ਸਰੀਰਕ ਸਿੱਖਿਆ ਵਿਭਾਗ ਦੀ ਅਧਿਆਪਕਾ ਪ੍ਰੋ. ਸੀਮਾ ਕੁਮਾਰੀ ਨੇ ਵੀ ਖਿਡਾਰੀਆਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੇ ਲਗਾਤਾਰ ਅਭਿਆਸ, ਅਨੁਸ਼ਾਸਨ, ਮਿਹਨਤ ਅਤੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂ ਕਬੱਡੀ ਟੀਮ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਖਿਡਾਰੀ ਭਵਿੱਖ ਵਿੱਚ ਵੀ ਯੂਨੀਵਰਸਿਟੀ ਅਤੇ ਹੋਰ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕਰਨਗੇ।







