ਗੜ੍ਹਦੀਵਾਲਾ 9 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵੱਲੋਂ ਆਈ. ਕਿਊ. ਏ. ਸੀ. ਅਤੇ ਆਈ. ਆਈ. ਸੀ. ਦੇ ਸਹਿਯੋਗ ਨਾਲ ‘ਰਾਸ਼ਟਰੀ ਤਕਨਾਲੋਜੀ ਦਿਵਸ’ ਨੂੰ ਸਮਰਪਿਤ ਮਾਈਂਡ ਸਵੀਪਰ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਪਵਿੱਤਰਜੀਤ ਕੌਰ ਦੁਆਰਾ ਆਏ ਹੋਏ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਹੋਈ। ਇਸ ਦੌਰਾਨ ਮੈਡਮ ਕਮਲਜੀਤ ਕੌਰ ਮੁਖੀ ਕੰਪਿਊਟਰ ਵਿਭਾਗ ਵੱਲੋਂ ‘ਰਾਸ਼ਟਰੀ ਤਕਨਾਲੋਜੀ ਦਿਵਸ’ ਬਾਰੇ ਵਿਸਤਾਰ ਵਿੱਚ ਚਰਚਾ ਕਰਦਿਆਂ ਦੱਸਿਆ ਕਿ ਇਹ ਦਿਵਸ ਹਰ ਸਾਲ 11 ਮਈ ਨੂੰ 1998 ਵਿੱਚ ਭਾਰਤ ਵੱਲੋਂ ਕੀਤੇ ਗਏ ਪਰਮਾਣੂ ਪਰੀਖਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਵਿਗਿਆਨ ਅਤੇ ਤਕਨਾਲੋਜੀ ਦੀ ਤਰੱਕੀ ਅਤੇ ਨਵੀਨ ਉਪਰਾਲਿਆਂ ਨੂੰ ਉਜਾਗਰ ਕਰਨ ਲਈ ਮਨਾਇਆ ਜਾਂਦਾ ਹੈ। ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਇਸ ਵਿੱਚ ਲੋਗੋ ਡਿਜ਼ਾਇਨਿੰਗ, ਟੈਗ ਲਾਈਨ, ਪ੍ਰੈਜੈਂਟੇਸ਼ਨ,ਟਾਈਪਿੰਗ, ਵੈਬ ਪੇਜ ਡਿਵੈਲਪਮੈਂਟ, ਰੀਲ ਮੇਕਿੰਗ ਆਦਿ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਅਧਿਆਪਕ ਸਹਿਬਾਨ ਦਾ ਧੰਨਵਾਦ ਕੀਤਾ। ਇਸ ਦੌਰਾਨ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।








