ਗੜ੍ਹਦੀਵਾਲਾ 24 ਨਵੰਬਰ (ਚੌਧਰੀ)
: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੜ੍ਹਦੀਵਾਲਾ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਅਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾਪੂਰਵਕ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਸੰਗਤਾਂ ਨੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਵਿੱਚ ਭਾਗ ਲੈ ਕੇ ਗੁਰੂ ਸਾਹਿਬ ਜੀ ਦੇ ਸਰਬੱਤ ਦੇ ਭਲੇ, ਸਮਾਨਤਾ, ਸੇਵਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ। ਇਸ ਮੌਕੇ ਗੜ੍ਹਦੀਵਾਲਾ ਦੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਮਹਾਨ ਉਪਦੇਸ਼ ਦਿੱਤਾ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਦਾ ਖੰਡਨ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਇੱਕ ਸਮਾਨ ਮੰਨਣ ਦੀ ਪ੍ਰੇਰਨਾ ਦਿੱਤੀ। ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਨਗਰ ਕੀਰਤਨ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।







