ਗੜ੍ਹਦੀਵਾਲਾ 12 ਨਵੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਉਦਯੋਗਿਕ ਅਤੇ ਅਕਾਦਮਿਕ ਖੇਤਰ ਦੇ ਸੰਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਓ-ਸੈਵਨ ਸਰਵਿਸਿਜ਼, ਹੁਸ਼ਿਆਰਪੁਰ (ਮੁੱਖ ਸ਼ਾਖਾ ਜਲੰਧਰ) ਨਾਲ ਸਮਝੌਤਾ ਪੱਤਰ ਤੇ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਧਾਂਤਕ ਗਿਆਨ ਦੇ ਨਾਲ-ਨਾਲ ਉਦਯੋਗਿਕ ਖੇਤਰ ਦਾ ਵਿਹਾਰਕ ਤਜ਼ਰਬਾ ਪ੍ਰਦਾਨ ਕਰਨਾ ਹੈ। ਇਸ ਸਾਂਝੇਦਾਰੀ ਰਾਹੀਂ ਵਿਦਿਆਰਥੀਆਂ ਲਈ ਹੁਨਰ ਵਿਕਾਸ, ਉਦਯੋਗਿਕ ਜਾਣਕਾਰੀ, ਪੇਸ਼ੇਵਰ ਯੋਗਤਾ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਉਪਰਾਲਾ ਵਿਦਿਆਰਥੀਆਂ ਨੂੰ ਆਈ.ਟੀ. ਖੇਤਰ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕੀਤੀ ਗਈ ਇਹ ਪਹਿਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਮੁੱਖੀ ਮੌਕੇ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।







