ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
ਕਿਹਾ 1 ਦਸੰਬਰ ਤੋਂ 10 ਦਸੰਬਰ ਤੱਕ ਹੋਵੇਗੀ ਸਕਰੀਨਿੰਗ ਤੇ 11 ਦਸੰਬਰ ਤੋਂ 31 ਦਸੰਬਰ ਤੱਕ ਸ਼ਨਾਖਤ ਮਰੀਜਾਂ ਦੇ ਕੀਤੇ ਜਾਣਗੇ ਮੁਫ਼ਤ ਓਪਰੇਸ਼ਨ
ਓਪਰੇਸ਼ਨ ਵਾਲੇ ਮਰੀਜ਼ਾਂ ਲਈ ਮੁਫ਼ਤ ਰਿਫਰੈਸ਼ਮੈਂਟ ਦੇ ਨਾਲ-ਨਾਲ ਪ੍ਰਦਾਨ ਕੀਤੀ ਜਾਵੇਗੀ ਆਉਣ-ਜਾਣ ਦੀ ਸੁਵਿਧਾ
ਹੁਸ਼ਿਆਰਪੁਰ, 27 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਹਿੱਤ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਸਬੰਧ ਵਿਚ ਜ਼ਿਲ੍ਹੇ ਵਿਚ 30 ਨਵੰਬਰ ਤੱਕ ਆਸ਼ਾ ਵਰਕਰਾਂ ਤੇ ਏ.ਐਨ.ਐਮਜ਼ ਵਲੋਂ 50 ਸਾਲ ਤੋਂ ਵੱਧ ਉਮਰ ਵਰਗ ਦੇ ਉਨ੍ਹਾਂ ਮਰੀਜ਼ਾਂ ਦਾ ਸਰਵੇ ਕੀਤਾ ਜਾਵੇਗਾ, ਜਿਨ੍ਹਾਂ ਦੀ ਨਜ਼ਰ ਵਿਚ ਸਮੱਸਿਆ ਹੈ। ਉਹ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੋਤੀਆ ਮੁਕਤ ਅਭਿਆਨ ਦੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਤੋਂ 10 ਦਸੰਬਰ ਤੱਕ ਅੱਖਾਂ ਦੇ ਮਾਹਰਾਂ ਵਲੋਂ ਸਰਵੇ ਵਾਲੇ ਮਰੀਜਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਕਿ ਕਿਸ ਮਰੀਜ ਨੂੰ ਮੋਤੀਆਬਿੰਦ ਦੇ ਓਪਰੇਸ਼ਨ ਦੀ ਜ਼ਰੂਰਤ ਹੈ ਅਤੇ ਉਸ ਤੋਂ ਬਾਅਦ 11 ਦਸੰਬਰ 31 ਦਸੰਬਰ ਤੱਕ ਉਕਤ ਮਰੀਜਾਂ ਦੇ ਮੁਫ਼ਤ ਓਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਤੋਂ ਇਲਾਵਾ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲਾਂ ਵਿਚ ਫਰੀ ਓਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਓਪਰੇਸ਼ਨ ਵਾਲੇ ਮਰੀਜ਼ਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਣ-ਜਾਣ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰੰ ਅਪੀਲ ਕਰਦੇ ਹੋਏ ਕਿਹਾ ਕਿ ਜਿਹੜੇ ਵਿਅਕਤੀ ਇਸ ਬੀਮਾਰੀ ਤੋਂ ਪੀੜਤ ਹਨ, ਉਹ ਸਰਕਾਰ ਦੀ ਯੋਜਨਾ ਦਾ ਜ਼ਰੂਰ ਲਾਭ ਉਠਾਉਣ ਤਾਂ ਜੋ ਜ਼ਿਲ੍ਹੇ ਨੂੰ ਇਸ ਨਾਮੁਰਾਦ ਬੀਮਾਰੀ ਤੋਂ ਮੁਕਤ ਕੀਤਾ ਜਾ ਸਕੇ।